
ਚੰਡੀਗੜ੍ਹ, 18 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਮੰਤਵ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਧੀਨ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਸਿਖਲਾਈ ਕੌਮੀ ਪੱਧਰ ਦੀ ਸੰਸਥਾ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਈ ਜਾਵੇਗੀ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਉਪਰਾਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਹਿੱਸਾ ਹੈ, ਜਿਸ ਤਹਿਤ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ “ਕੇਅਰ-ਗਿਵਰ – ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ) ਵਰਗੇ ਦੋ ਮੰਗ ਵਾਲੇ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਹ ਕੋਰਸ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਚੁਣੇ ਗਏ ਲੁਧਿਆਣਾ ਅਤੇ ਜਲੰਧਰ ਸਥਿਤ ਕੇਂਦਰਾਂ ਵਿੱਚ 1 ਜੁਲਾਈ ਤੋਂ ਸ਼ੁਰੂ ਹੋਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਮੁਫ਼ਤ ਰਿਹਾਇਸ਼, ਭੋਜਨ, ਟ੍ਰੇਨਿੰਗ ਕਿੱਟਾਂ ਅਤੇ ਰਾਸ਼ਟਰੀ ਪੱਧਰ ਦੀ ਸੰਸਥਾ ਵੱਲੋਂ ਸਰਟੀਫਿਕੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਯੋਗ ਉਮੀਦਵਾਰਾਂ ਤੋਂ ਕਿਸੇ ਵੀ ਕਿਸਮ ਦੀ ਫੀਸ ਨਹੀਂ ਲਈ ਜਾਵੇਗੀ ਅਤੇ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਘੱਟੋ-ਘੱਟ 10ਵੀਂ ਪਾਸ, ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਦੇ ਸਥਾਈ ਵਸਨੀਕ ਨੌਜਵਾਨ ਇਨ੍ਹਾਂ ਕੋਰਸਾਂ ਲਈ ਅਰਜ਼ੀ ਦੇ ਸਕਦੇ ਹਨ।
ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਉਦਯੋਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਭਾਗੀਦਾਰਾਂ ਨੂੰ ਵਿਹਾਰਕ ਤਜਰਬਾ, ਲੋੜੀਂਦੇ ਹੁਨਰ ਅਤੇ ਪਲੇਸਮੈਂਟ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਆਜੀਵਿਕਾ ਦੇ ਮੌਕੇ ਹੋਰ ਮਜ਼ਬੂਤ ਹੋਣਗੇ।
ਡਾ. ਬਲਜੀਤ ਕੌਰ ਨੇ ਕਿਹਾ, “ਹੁਨਰ ਵਿਕਾਸ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਰੱਖਦਾ ਹੈ। ਜਦੋਂ ਕੋਈ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਰੁਜ਼ਗਾਰ ਹਾਸਲ ਕਰਦਾ ਹੈ ਤਾਂ ਉਹ ਨਾ ਸਿਰਫ਼ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਆਪਣੇ ਪਰਿਵਾਰ ਲਈ ਵੀ ਤਰੱਕੀ ਅਤੇ ਆਤਮ-ਵਿਸ਼ਵਾਸ ਦੇ ਨਵੇਂ ਰਾਹ ਖੋਲ੍ਹਦਾ ਹੈ।
ਪੰਜਾਬ ਸਰਕਾਰ ਹਰ ਯੋਗ ਨੌਜਵਾਨ ਨੂੰ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਚਾਹਵਾਨ ਉਮੀਦਵਾਰ ਆਪਣੀ ਜਾਣਕਾਰੀ directorwelfare@gmail.com, dir.scsp@punjab.gov.in ਜਾਂ punjabprojects@apollomedskills.com ‘ਤੇ ਭੇਜ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਹ ਆਪਣੇ ਜ਼ਿਲ੍ਹੇ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।
