Saturday, May 23Punjabi People

ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਭਰੋਸਾ, 24×7 ਹੈਲਪਲਾਈਨ ਕੀਤੀ ਸ਼ੁਰੂ

ਚੰਡੀਗੜ੍ਹ 5 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸੰਕਟਮਈ ਹਾਲਾਤ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ 24×7 ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪੂਰਬ ਵਿੱਚ ਬਣੇ ਜੰਗ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸ ਪੂਰੀ ਪ੍ਰਕਿਰਿਆ ਦੀ ਤਾਲਮੇਲ ਅਤੇ ਨਿਗਰਾਨੀ ਲਈ ਦੋ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ 24×7 ਹੈਲਪਲਾਈਨ ਪਹਿਲਾਂ ਹੀ ਕਾਇਮ ਕੀਤੀ ਜਾ ਚੁੱਕੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਸਮੁੱਚਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਨੋਡਲ ਅਧਿਕਾਰੀ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਮੱਧ ਪੂਰਬ, ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਵਾਪਸੀ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਨਿਗਰਾਨੀ ਰੱਖੀ ਜਾ ਸਕੇ।

ਇਸ ਦੇ ਨਾਲ ਹੀ ਹੈਲਪਲਾਈਨ ‘ਤੇ ਆਉਣ ਵਾਲੀਆਂ ਸਾਰੀਆਂ ਕਾਲਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਜੇਕਰ ਕਿਸੇ ਮਾਮਲੇ ਨੂੰ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਭੇਜਣ ਦੀ ਲੋੜ ਹੋਵੇਗੀ, ਤਾਂ ਨੋਡਲ ਅਧਿਕਾਰੀ ਇਸ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਉਣ ਨੂੰ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੱਧ ਪੂਰਬ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਨਿਵਾਸੀਆਂ ਨਾਲ ਜੁੜੀ ਐਮਰਜੈਂਸੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੌਰਾਨ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ।

Leave a Reply

Your email address will not be published. Required fields are marked *