Saturday, September 12Punjabi People

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਰਸ਼ਾਂ ਨੂੰ ਸਮਰਪਿਤ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ, 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਹੁਸੈਨੀਵਾਲਾ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਮਹਾਨ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਕੁਰਬਾਨੀ ਤੋਂ ਪ੍ਰੇਰਿਤ ਹੈ। ਸਰਕਾਰ ਦਾ ਮੁੱਖ ਉਦੇਸ਼ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਦੇਸ਼ ਦੇ ਹਰ ਨਾਗਰਿਕ ਲਈ ਆਸਥਾ ਅਤੇ ਪ੍ਰੇਰਣਾ ਦਾ ਕੇਂਦਰ ਹੈ। ਇੱਥੇ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਦੇਹਾਂ ਦਾ ਅੰਗਰੇਜ਼ ਹਕੂਮਤ ਵੱਲੋਂ ਬਿਨਾਂ ਸਨਮਾਨ ਦੇ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਨਿਰਸਵਾਰਥ ਤੌਰ ’ਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਧਰਤੀ ’ਤੇ ਆ ਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਮਹਿਜ਼ 23 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।

ਨੌਜਵਾਨਾਂ ਨੂੰ ਭਗਤ ਸਿੰਘ ਦੇ ਵਿਚਾਰਾਂ ’ਤੇ ਚੱਲਣ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੇ ਉਸ ਸਮੇਂ ਦੇ ਲੱਖਾਂ ਨੌਜਵਾਨਾਂ ਨੂੰ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਨੌਜਵਾਨ ਪੀੜ੍ਹੀ ਲਈ ਮਾਰਗਦਰਸ਼ਨ ਦਾ ਕੰਮ ਕਰਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਭਾਰਤ ਨੂੰ ਹੋਰ ਮਜ਼ਬੂਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

ਹੁਸੈਨੀਵਾਲਾ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਤਿਆਰੀ

ਮੁੱਖ ਮੰਤਰੀ ਨੇ ਦੱਸਿਆ ਕਿ ਹੁਸੈਨੀਵਾਲਾ ਦੀ ਇਤਿਹਾਸਕ ਅਤੇ ਸ਼ਹੀਦੀ ਵਿਰਾਸਤ ਨੂੰ ਸੰਭਾਲਣ ਲਈ 24.99 ਕਰੋੜ ਰੁਪਏ ਦੀ ਲਾਗਤ ਨਾਲ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ, ਹੁਸੈਨੀਵਾਲਾ ਦੇ ਵਿਰਾਸਤੀ ਖੇਤਰ ਨੂੰ ਨਵੀਂ ਦਿੱਖ ਦੇਣਾ ਅਤੇ ਇੱਥੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ। ਸਰਕਾਰ ਦਾ ਯਤਨ ਹੈ ਕਿ ਹੁਸੈਨੀਵਾਲਾ ਨੂੰ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਪ੍ਰਮੁੱਖ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇ।

ਵਿਰਾਸਤੀ ਪ੍ਰਵੇਸ਼ ਦੁਆਰ ਤੋਂ 3D ਮੈਪਿੰਗ ਸ਼ੋਅ ਤੱਕ ਹੋਣਗੀਆਂ ਕਈ ਖਾਸ ਸਹੂਲਤਾਂ

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵਿਰਾਸਤੀ ਕੰਪਲੈਕਸ ਵਿੱਚ ਕਈ ਆਧੁਨਿਕ ਅਤੇ ਇਤਿਹਾਸਕ ਤੱਤ ਸ਼ਾਮਲ ਕੀਤੇ ਜਾਣਗੇ। ਕੰਪਲੈਕਸ ਲਈ ਇੱਕ ਸ਼ਾਨਦਾਰ ਵਿਰਾਸਤੀ ਪ੍ਰਵੇਸ਼ ਦੁਆਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਹੀਦਾਂ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਦਰਸਾਉਂਦਾ ਵਿਰਾਸਤੀ ਗਲਿਆਰਾ ਵੀ ਤਿਆਰ ਕੀਤਾ ਜਾਵੇਗਾ।

ਇਸ ਗਲਿਆਰੇ ਅਤੇ ਹੋਰ ਖੇਤਰਾਂ ਵਿੱਚ ਕੰਧ ਚਿੱਤਰਾਂ ਰਾਹੀਂ ਆਜ਼ਾਦੀ ਸੰਘਰਸ਼ ਅਤੇ ਸ਼ਹੀਦਾਂ ਦੀ ਜੀਵਨ ਗਾਥਾ ਨੂੰ ਦਰਸਾਇਆ ਜਾਵੇਗਾ। ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੇ ਸੈਲਾਨੀਆਂ ਨੂੰ ਇਤਿਹਾਸ ਨਾਲ ਜੋੜਨ ਵਾਲਾ ਵਿਲੱਖਣ ਤਜਰਬਾ ਮਿਲ ਸਕੇ।

ਇਸ ਤੋਂ ਇਲਾਵਾ ਪੁਰਾਣੇ ਪੁਲ ’ਤੇ 3D ਮੈਪਿੰਗ ਸ਼ੋਅ ਕਰਵਾਇਆ ਜਾਵੇਗਾ, ਜਿਸ ਰਾਹੀਂ ਇਤਿਹਾਸਕ ਘਟਨਾਵਾਂ ਅਤੇ ਮਹੱਤਵਪੂਰਨ ਸ਼ਖਸੀਅਤਾਂ ਨੂੰ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਥੀਮੈਟਿਕ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਕੰਪਲੈਕਸ ਦੀ ਸੁੰਦਰਤਾ ਅਤੇ ਆਕਰਸ਼ਣ ਵਧਾਉਣ ਲਈ ਸੰਗੀਤਕ ਫੁਹਾਰਾ ਵੀ ਸਥਾਪਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਸਿਰਫ਼ ਇੱਕ ਸੈਰ-ਸਪਾਟਾ ਪ੍ਰੋਜੈਕਟ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇੱਕ ਯਾਦਗਾਰੀ ਉਪਰਾਲਾ ਹੋਵੇਗਾ, ਜੋ ਨੌਜਵਾਨ ਪੀੜ੍ਹੀ ਨੂੰ ਦੇਸ਼ਭਗਤੀ, ਤਿਆਗ ਅਤੇ ਨਿਰਸਵਾਰਥ ਸੇਵਾ ਦੀ ਪ੍ਰੇਰਣਾ ਦਿੰਦਾ ਰਹੇਗਾ।

Leave a Reply

Your email address will not be published. Required fields are marked *