
ਚੰਡੀਗੜ੍ਹ, 27 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ, ਪੁਨਰਵਾਸ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੈਸਕੋ ਦੇ ਚੱਲ ਰਹੇ ਪ੍ਰੋਗਰਾਮਾਂ ਅਤੇ ਵੱਖ-ਵੱਖ ਪ੍ਰਸ਼ਾਸਕੀ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਜੁੜੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਲਾਗੂ ਕੀਤਾ ਜਾਵੇ ਤਾਂ ਜੋ ਯੋਗ ਲਾਭਪਾਤਰੀਆਂ ਤੱਕ ਹਰ ਸਹੂਲਤ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕੇ।
ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਮਰਪਿਤ ਕਰਨ ਵਾਲੇ ਸਾਬਕਾ ਸੈਨਿਕਾਂ ਦਾ ਮਾਣ-ਸਨਮਾਨ ਅਤੇ ਭਲਾਈ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੈਸਕੋ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਸਾਬਕਾ ਸੈਨਿਕਾਂ ਨੂੰ ਵਧੀਆ ਰੁਜ਼ਗਾਰ ਅਤੇ ਆਰਥਿਕ ਸੁਰੱਖਿਆ ਮਿਲ ਸਕੇ।
ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਪ੍ਰਬੰਧ ਨਿਰਦੇਸ਼ਕ ਮੇਜਰ ਜਨਰਲ ਹਰਮਨਦੀਪ ਸਿੰਘ ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਪ੍ਰੋਗਰਾਮਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਸਮੀਖਿਆ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਲਈ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਆਧੁਨਿਕ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਅਗਨੀਵੀਰਾਂ ਲਈ ਰੁਜ਼ਗਾਰ ਦੇ ਮੌਕਿਆਂ ਵਰਗੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਤੋਂ ਇਲਾਵਾ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਕੇ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਅਤੇ ਸੁਵਿਧਾਵਾਂ ਨਾਲ ਲੈਸ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਖੋਜੇ ਜਾਣ ਅਤੇ ਪੈਸਕੋ ਰਾਹੀਂ ਨੌਜਵਾਨਾਂ ਨੂੰ ਵੀ ਸੁਰੱਖਿਆ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
