Friday, June 19Punjabi People

ਪੰਜਾਬ ਸਰਕਾਰ ਦੀ ਪਹਿਲ ਨਾਲ 5 ਬੱਚਿਆਂ ਦਾ ਪਰਿਵਾਰਾਂ ਨਾਲ ਹੋਇਆ ਪੁਨਰਮਿਲਾਪ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਕਾਰਵਾਈ ਸਫਲਤਾਪੂਰਵਕ ਪੂਰੀ ਕੀਤੀ ਹੈ। ਇਸ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਵਾਪਸ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲਾਪ ਕਰ ਸਕਣਗੇ।

ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਬੱਚੇ ਸਾਲ 2023 ਵਿੱਚ ਸਰਹੱਦੀ ਖੇਤਰ ਵਿੱਚ ਮਿਲੇ ਸਨ। ਉਸ ਸਮੇਂ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ ਸੀ।

ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਦੀ ਸਿੱਖਿਆ, ਸਿਹਤ ਸੇਵਾਵਾਂ, ਮਨੋਵਿਗਿਆਨਕ ਕੌਂਸਲਿੰਗ ਅਤੇ ਸਮਾਜਿਕ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਇਕ ਸੁਰੱਖਿਅਤ, ਸੰਵੇਦਨਸ਼ੀਲ ਅਤੇ ਸਨਮਾਨਜਨਕ ਮਾਹੌਲ ਵਿੱਚ ਵੱਡੇ ਹੋ ਸਕਣ।

ਮੰਤਰੀ ਨੇ ਦੱਸਿਆ ਕਿ ਇਸ ਪੂਰੇ ਪ੍ਰਕਿਰਿਆ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ, ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਹੋਰ ਸਬੰਧਤ ਏਜੰਸੀਆਂ ਨੇ ਸਹਿਯੋਗ ਦਿੱਤਾ। ਬੱਚਿਆਂ ਦੀ ਪਛਾਣ ਦੀ ਪੁਸ਼ਟੀ, ਪਰਿਵਾਰਕ ਜਾਣਕਾਰੀ ਦੀ ਜਾਂਚ ਅਤੇ ਸਾਰੇ ਕਾਨੂੰਨੀ ਦਸਤਾਵੇਜ਼ਾਂ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਵਾਪਸੀ ਸੰਭਵ ਹੋ ਸਕੀ।

ਸਾਰੇ ਬੱਚਿਆਂ ਨੂੰ ਪੂਰੀ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਨ੍ਹਾਂ ਦੇ ਦੇਸ਼ ਭੇਜਿਆ ਗਿਆ, ਜਿੱਥੇ ਉਹ ਹੁਣ ਆਪਣੇ ਪਰਿਵਾਰਾਂ ਨਾਲ ਮੁੜ ਮਿਲਾਪ ਕਰਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਦਾ ਅਧਿਕਾਰ ਹੈ ਕਿ ਉਹ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦੇ ਮਾਹੌਲ ਵਿੱਚ ਵਧੇ-ਪਲ੍ਹੇ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਮੁੜ ਮਿਲਾਪ ਬੱਚੇ ਦੀ ਜ਼ਿੰਦਗੀ ਦਾ ਸਭ ਤੋਂ ਭਾਵੁਕ ਅਤੇ ਮਹੱਤਵਪੂਰਨ ਪਲ ਹੁੰਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਸੰਵੇਦਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੱਡੀ ਜਿੱਤ ਹੁੰਦੀ ਹੈ।

ਪੰਜਾਬ ਸਰਕਾਰ ਨੇ ਦੁਹਰਾਇਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਉਸ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਨੁੱਖਤਾ-ਕੇਂਦਰਿਤ ਯਤਨ ਲਗਾਤਾਰ ਜਾਰੀ ਰਹਿਣਗੇ।

Leave a Reply

Your email address will not be published. Required fields are marked *