Tuesday, October 20Punjabi People

ਪੰਜਾਬ ਸਰਕਾਰ ਨੇ 2025 ਤੋਂ ਜੁਲਾਈ 2026 ਤੱਕ 137 ਬਾਲ ਵਿਆਹ ਰੁਕਵਾਏ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪੂਰ ਸਿੱਖਿਆ ਅਤੇ ਆਪਣੀਆਂ ਇੱਛਾਵਾਂ ਤੇ ਸੁਪਨਿਆਂ ਨੂੰ ਪੂਰਾ ਕਰਨ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਦੇ ਸਮੇਂ ਸਿਰ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਸਾਲ 2025 ਅਤੇ ਜਨਵਰੀ ਤੋਂ ਜੁਲਾਈ 2026 ਤੱਕ ਸੂਬੇ ਵਿੱਚ ਕੁੱਲ 137 ਬਾਲ ਵਿਆਹ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਸਾਲਾਨਾ ਅੰਕੜਿਆਂ ਦਾ ਵੇਰਵਾ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਵਿੱਚ 64 ਬਾਲ ਵਿਆਹ ਰੁਕਵਾਏ ਗਏ ਸਨ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕਣ ਲਈ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਰਕਾਰ ਦੀ ਸੁਚੱਜੀ ਕਾਰਜਪ੍ਰਣਾਲੀ, ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸਮਾਜ ਵਿੱਚ ਬਾਲ ਵਿਆਹਾਂ ਵਿਰੁੱਧ ਵਧ ਰਹੀ ਜਾਗਰੂਕਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰ ਨੇ 2,076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਹਨ। ਇਨ੍ਹਾਂ ਵਿੱਚ ਸੂਬੇ ਦੇ ਸਾਰੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓਜ਼) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਧਿਕਾਰੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਬਾਲ ਵਿਆਹ ਦੇ ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਲੋੜ ਪੈਣ ’ਤੇ ਤੁਰੰਤ ਕਾਨੂੰਨੀ ਕਾਰਵਾਈ ਕਰਵਾਉਣ ਲਈ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟ ਸਥਾਪਤ ਕੀਤੇ ਹਨ। ਇਨ੍ਹਾਂ ਯੂਨਿਟਾਂ ਦਾ ਉਦੇਸ਼ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ ਦੇਣਾ, ਪ੍ਰਭਾਵਿਤ ਬੱਚਿਆਂ ਨੂੰ ਸੁਰੱਖਿਅਤ ਬਚਾਉਣਾ ਅਤੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਵੀ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਬਚਪਨ, ਪੜ੍ਹਾਈ, ਸਿਹਤ ਅਤੇ ਉੱਜਵਲ ਭਵਿੱਖ ’ਤੇ ਮਾੜਾ ਅਸਰ ਪਾਉਂਦਾ ਹੈ। ਇਸ ਲਈ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਵਾਸਤੇ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਸੂਬਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜਿਕ ਸੰਗਠਨ ਅਤੇ ਨੌਜਵਾਨ ਬਾਲ ਵਿਆਹਾਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Leave a Reply

Your email address will not be published. Required fields are marked *