
ਚੰਡੀਗੜ੍ਹ, 29 ਅਕਤੂਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਾਰੇ ਸਰਕਾਰੀ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਠੇਕੇ ਦੇ ਆਧਾਰ ’ਤੇ ਲਿਆਉਣ ਲਈ ਲੋੜੀਂਦੀਆਂ ਕਾਰਵਾਈਆਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਯੋਗ ਮਾਮਲੇ ਬਿਨਾਂ ਦੇਰੀ ਪਰਸੋਨਲ ਵਿਭਾਗ ਨੂੰ ਭੇਜੇ ਜਾਣ, ਤਾਂ ਜੋ ਨਿਰਧਾਰਤ ਸਮੇਂ ਅੰਦਰ ਅਗਲੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਮੁਖੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਨਿਰਦੇਸ਼ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ, 2026’ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਜਾਰੀ ਕੀਤੇ ਗਏ ਹਨ।
ਵਿੱਤ ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਸਾਂਝੇ ਮੋਰਚਿਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਯੋਗ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਨਾਲ ਸਿੱਧੇ ਠੇਕੇ ’ਤੇ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ ਅਤੇ ਵਿਭਾਗਾਂ ਨੂੰ ਇਸ ਸਬੰਧੀ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ।
ਟਰਾਂਸਪੋਰਟ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਦੇ ਨਿਰਦੇਸ਼
ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਬਾਅਦ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਮਸਲਿਆਂ ਦੇ ਸਕਾਰਾਤਮਕ ਅਤੇ ਸਮੇਂ ਸਿਰ ਹੱਲ ਲਈ ਯਤਨਸ਼ੀਲ ਹੈ।ਨੇਤਰਹੀਣ ਉਮੀਦਵਾਰਾਂ ਲਈ 28 ਗਰੁੱਪ-ਡੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀਨੈਸ਼ਨਲ ਫੈਡਰੇਸ਼ਨ ਆਫ ਦਿ ਬਲਾਇੰਡ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਨੇਤਰਹੀਣ ਉਮੀਦਵਾਰਾਂ ਲਈ ਰਾਖਵੀਆਂ ਗਰੁੱਪ-ਡੀ ਦੀਆਂ 28 ਖਾਲੀ ਅਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।
ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਹੋਰ ਗਰੁੱਪਾਂ ਵਿੱਚ ਨੇਤਰਹੀਣ ਉਮੀਦਵਾਰਾਂ ਲਈ ਰਾਖਵੀਆਂ ਬੈਕਲਾਗ ਅਸਾਮੀਆਂ ਨੂੰ ਵੀ ਸਬੰਧਤ ਅਹੁਦਿਆਂ ਲਈ ਹੋਣ ਵਾਲੀਆਂ ਅਗਲੀਆਂ ਭਰਤੀ ਮੁਹਿੰਮਾਂ ਦੌਰਾਨ ਭਰਨ ਦੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਦੀਆਂ ਮੰਗਾਂ ’ਤੇ ਵਿਚਾਰ
ਸਿੱਖਿਆ ਵਿਭਾਗ ਨਾਲ ਸਬੰਧਤ ਚਾਰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਦੱਸਿਆ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਕਈ ਅਹਿਮ ਮੰਗਾਂ ਪ੍ਰਬੰਧਕੀ ਮਨਜ਼ੂਰੀ ਲਈ ਵਿਚਾਰ ਅਧੀਨ ਹਨ ਅਤੇ ਇਨ੍ਹਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਲ ਸਪਲਾਈ ਪੰਪ ਆਪਰੇਟਰਾਂ ਦੀ ਮੰਗ ’ਤੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ
ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਘੱਟੋ-ਘੱਟ ਰੋਜ਼ਾਨਾ ਦਿਹਾੜੀ ਨਿਰਧਾਰਤ ਕਰਨ ਸਬੰਧੀ ਦਿੱਤੇ ਮੰਗ ਪੱਤਰ ’ਤੇ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗ ਨੂੰ ਬਿਨਾਂ ਦੇਰੀ ਰਸਮੀ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ।
ਉਨ੍ਹਾਂ ਜ਼ੋਰ ਦਿੱਤਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗੀ ਪੱਧਰ ’ਤੇ ਲੋੜੀਂਦੇ ਕਦਮ ਸਮੇਂ ਸਿਰ ਚੁੱਕੇ ਜਾਣੇ ਚਾਹੀਦੇ ਹਨ।
ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਰੱਖੇ ਆਪਣੇ ਮੁੱਦੇ
ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਭੰਗੂ ਨੇ ਸ਼ਮੂਲੀਅਤ ਕੀਤੀ।
ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ ਅਤੇ ਹਰਕੇਸ਼ ਕੁਮਾਰ, ਜਦਕਿ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਮੁੱਦੇ ਰੱਖੇ।
ਇਸੇ ਤਰ੍ਹਾਂ, 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨ ਕੌਰ ਅਤੇ ਵੀਰਕਰਨ ਸਿੰਘ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਵੱਲੋਂ ਤਜਿੰਦਰ ਕੌਰ ਅਤੇ ਹਰਮਨ ਸਿੰਘ, ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵੱਲੋਂ ਪਰਵੀਨ ਸ਼ਰਮਾ ਅਤੇ ਦੀਪਕ ਨਾਗਪਾਲ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ ਨੇ ਮੀਟਿੰਗਾਂ ਵਿੱਚ ਹਿੱਸਾ ਲਿਆ।ਨੈਸ਼ਨਲ ਫੈਡਰੇਸ਼ਨ ਆਫ ਦਿ ਬਲਾਇੰਡ ਵੱਲੋਂ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਪਰਮਿੰਦਰ ਸਿੰਘ ਅਤੇ ਕਮਲਜੀਤ ਸਿੰਘ ਨੇ ਸ਼ਮੂਲੀਅਤ ਕੀਤੀ।
ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ, ਹਰਪ੍ਰੀਤ ਸਿੰਘ ਅਤੇ ਸਾਹਿਬ ਸਿੰਘ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।
ਇਸ ਤੋਂ ਇਲਾਵਾ, ਸੀਪੀਐੱਫ ਕਰਮਚਾਰੀ ਯੂਨੀਅਨ ਵੱਲੋਂ ਸੁਖਜੀਤ ਸਿੰਘ ਡਿੰਪੀ, ਜਰਨੈਲ ਸਿੰਘ ਔਜਲਾ, ਗੁਰਮੇਲ ਸਿੰਘ ਵਿਰਕ, ਧਰਮਿੰਦਰ ਸਿੰਘ ਅਤੇ ਰਣਬੀਰ ਸਿੰਘ ਨੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ।
