Saturday, September 12Punjabi People

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ ਹੁਣ ਤੱਕ ₹1,785.29 ਕਰੋੜ ਜਾਰੀ, 24 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਗਸਤ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਸ ਯੋਜਨਾ ਲਈ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸਹਾਰਾ ਦੇਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨ ਲਈ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ। ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੇ ਬਜਟ ਵਿੱਚ ਇਸ ਯੋਜਨਾ ਲਈ 4,000 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹਰ ਯੋਗ ਬਜ਼ੁਰਗ ਨੂੰ 1,500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਬੁਢਾਪਾ ਪੈਨਸ਼ਨ ਲਈ ਯੋਗ ਹਨ। ਇਸ ਲਈ ਬਿਨੈਕਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਬਿਨੈਕਾਰ ਦੇ ਨਾਮ 2.5 ਏਕੜ ਤੋਂ ਵੱਧ ਨਹਿਰੀ ਜ਼ਮੀਨ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦਾ ਕੀਮਤੀ ਸਰਮਾਇਆ ਮੰਨਦੀ ਹੈ। ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨ, ਸਮਾਜਿਕ ਸੁਰੱਖਿਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਸਹਾਇਤਾ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਬਜ਼ੁਰਗ ਵਿਅਕਤੀ ਆਤਮ-ਵਿਸ਼ਵਾਸ ਅਤੇ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੈਨਸ਼ਨ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *