Saturday, September 12Punjabi People

ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਪੰਜਾਬ ਸਰਕਾਰ ਵਚਨਬੱਧ, ਆਧੁਨਿਕ ਬਿਰਧ ਆਸ਼ਰਮਾਂ ਰਾਹੀਂ ਸਹੂਲਤਾਂ ਮਜ਼ਬੂਤ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸਨਮਾਨਜਨਕ ਜੀਵਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਦੇਖਭਾਲ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਈ ਸਰਕਾਰੀ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ। ਇਨ੍ਹਾਂ ਆਸ਼ਰਮਾਂ ਵਿੱਚ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ ਲਈ ਥਾਂ, ਮਿਆਰੀ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਆਸ਼ਰਮ ਦਾ ਉਦਘਾਟਨ 9 ਅਪ੍ਰੈਲ 2025 ਨੂੰ ਕੀਤਾ ਗਿਆ ਸੀ।

ਮੰਤਰੀ ਨੇ ਦੱਸਿਆ ਕਿ ਇਸ ਵੇਲੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿੱਚ 16 ਬਜ਼ੁਰਗ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਆਰਾਮਦਾਇਕ ਡਾਰਮਿਟਰੀ, ਪੌਸ਼ਟਿਕ ਭੋਜਨ, ਕੱਪੜੇ, ਸਿਹਤ ਸੇਵਾਵਾਂ, ਲਾਇਬ੍ਰੇਰੀ, ਬਾਗਬਾਨੀ, ਹਫ਼ਤੇ ਵਿੱਚ ਦੋ ਵਾਰ ਯੋਗਾ ਸੈਸ਼ਨ ਅਤੇ ਵੱਖ-ਵੱਖ ਅੰਦਰੂਨੀ ਮਨੋਰੰਜਨ ਗਤੀਵਿਧੀਆਂ ਸ਼ਾਮਲ ਹਨ। ਇਹ ਸਹੂਲਤਾਂ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਬਜ਼ੁਰਗਾਂ ਨੂੰ ਰਹਿਣ ਲਈ ਥਾਂ ਦੇਣਾ ਨਹੀਂ, ਬਲਕਿ ਉਨ੍ਹਾਂ ਲਈ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਸਨਮਾਨ, ਸੁਰੱਖਿਆ ਅਤੇ ਆਪਣਾਪਣ ਮਹਿਸੂਸ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਨੂੰ ਮਾਣ ਅਤੇ ਸੁਰੱਖਿਆ ਨਾਲ ਬਤੀਤ ਕਰ ਸਕਣ।

ਉਨ੍ਹਾਂ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਹਿਣ ਜਾਂ ਦੇਖਭਾਲ ਦੀ ਲੋੜ ਹੈ ਅਤੇ ਉਹ ਨਿਰਧਾਰਤ ਯੋਗਤਾ ਮਾਪਦੰਡ ਪੂਰੇ ਕਰਦੇ ਹਨ ਤਾਂ ਉਹ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਸਰਕਾਰੀ ਬਿਰਧ ਆਸ਼ਰਮਾਂ ਵਿੱਚ ਦਾਖਲਾ ਨਿਰਧਾਰਤ ਯੋਗਤਾ ਅਤੇ ਉਪਲਬਧ ਸਥਾਨਾਂ ਦੇ ਆਧਾਰ ’ਤੇ ਦਿੱਤਾ ਜਾਵੇਗਾ।

ਮੰਤਰੀ ਨੇ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਸਮਾਜਿਕ ਸੰਗਠਨਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਬਜ਼ੁਰਗਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਸੂਬੇ ਵਿੱਚ ਕੋਈ ਵੀ ਬਜ਼ੁਰਗ ਦੇਖਭਾਲ, ਸਹਾਰੇ ਅਤੇ ਸਨਮਾਨ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਸਰਕਾਰ ਆਪਣੀਆਂ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਜ਼ਬੂਤ ਕਰਦੀ ਰਹੇਗੀ।

Leave a Reply

Your email address will not be published. Required fields are marked *