Friday, July 31Punjabi People

1 ਅਗਸਤ ਤੋਂ ਪੰਜਾਬ ਸਰਕਾਰ ਵੱਲੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਤੇ ਰਿਸ਼ੀਕੇਸ਼ ਲਈ ਮੁਫ਼ਤ ਧਾਰਮਿਕ ਯਾਤਰਾ ਸ਼ੁਰੂ: CM ਭਗਵੰਤ ਮਾਨ

ਮੋਹਾਲੀ, 31 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਸਦੀਆਂ ਪੁਰਾਣੀ ਫਿਰਕੂ ਸਾਂਝ, ਭਾਈਚਾਰੇ ਅਤੇ ਆਪਸੀ ਪਿਆਰ ਦੀ ਪਰੰਪਰਾ ਨੂੰ ਸੂਬੇ ਦੀ ਸਭ ਤੋਂ ਵੱਡੀ ਤਾਕਤ ਕਰਾਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਹੋਰ ਵਿਸਥਾਰ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ 1 ਅਗਸਤ 2026 ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ, ਜਿਸ ਵਿੱਚ ਆਵਾਜਾਈ, ਰਿਹਾਇਸ਼, ਭੋਜਨ ਅਤੇ ਵਾਪਸੀ ਦੀ ਪੂਰੀ ਵਿਵਸਥਾ ਸ਼ਾਮਲ ਹੋਵੇਗੀ। ਇੱਥੋਂ ਤੱਕ ਕਿ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਲਿਆਉਣ ਅਤੇ ਵਾਪਸ ਛੱਡਣ ਦੇ ਵੀ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਲੋਕ ਭਲਾਈ ਲਈ ਖਰਚ ਕਰ ਰਹੀ ਹੈ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਅਤੇ ਸਿਹਤ ਯੋਜਨਾ ਵਰਗੀਆਂ ਸਕੀਮਾਂ ਇਸੇ ਸੋਚ ਦਾ ਨਤੀਜਾ ਹਨ।

ਭਜਨ ਸੰਧਿਆ ਦੇ ਮਹੱਤਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ਼ਿਵ ਦੀ ਮਹਾਨ ਵਿਰਾਸਤ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਦੇ 22 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਵਣ ਦੇ ਪਵਿੱਤਰ ਮਹੀਨੇ ਦੌਰਾਨ ਇਸ ਤਰ੍ਹਾਂ ਦੇ ਸਮਾਗਮ ਲੋਕਾਂ ਨੂੰ ਆਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਸਦਭਾਵਨਾ ਦਾ ਸੰਦੇਸ਼ ਵੀ ਦਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਅਜਿਹਾ ਸੁੰਦਰ ਗੁਲਦਸਤਾ ਹੈ, ਜਿੱਥੇ ਹਰ ਧਰਮ, ਹਰ ਵਰਗ ਅਤੇ ਹਰ ਭਾਈਚਾਰੇ ਦੇ ਲੋਕ ਇਕੱਠੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਕਿਸਮ ਦਾ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ, ਕਿਉਂਕਿ ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਮ ਨੌਮੀ, ਗੁਰੂਪਰਬ, ਈਦ, ਦੀਵਾਲੀ ਅਤੇ ਹੋਰ ਸਾਰੇ ਧਾਰਮਿਕ ਤਿਉਹਾਰ ਆਪਸੀ ਪਿਆਰ ਨਾਲ ਮਿਲਜੁਲ ਕੇ ਮਨਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਵਾਲੀਆਂ ਤਾਕਤਾਂ ਨੂੰ ਪੰਜਾਬ ਦੇ ਲੋਕ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਸਰਕਾਰ ਦਾ ਮਕਸਦ ਹਰ ਧਰਮ ਦਾ ਸਤਿਕਾਰ ਕਰਦੇ ਹੋਏ ਲੋਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਲਈ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ, ਜਦਕਿ 1 ਅਗਸਤ ਤੋਂ ਵ੍ਰਿੰਦਾਵਨ ਧਾਮ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਨਾਲ ਹੋਰ ਵੱਧ ਸ਼ਰਧਾਲੂਆਂ ਨੂੰ ਲਾਭ ਮਿਲੇਗਾ।

ਇਸ ਮੌਕੇ ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ 1 ਜੁਲਾਈ ਤੋਂ 32 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ, ਜਦਕਿ 1 ਅਗਸਤ ਨੂੰ 40 ਲੱਖ ਤੋਂ ਵੱਧ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਯੋਗ ਔਰਤ ਨੂੰ ਪ੍ਰਤੀ ਮਹੀਨਾ ₹1,000, ਜਦਕਿ ਅਨੁਸੂਚਿਤ ਜਾਤੀ ਨਾਲ ਸੰਬੰਧਤ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਆਰਥਿਕ ਬਚਤ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ 19 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ ਲਗਭਗ ₹70 ਲੱਖ ਦੀ ਬਚਤ ਹੋ ਰਹੀ ਹੈ।

ਰੋਜ਼ਗਾਰ ਦੇ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਲਗਭਗ 44 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ ₹10 ਲੱਖ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਤੱਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਸਮਾਜਿਕ ਸਾਂਝ ਦੇ ਰਾਹ ‘ਤੇ ਅੱਗੇ ਲੈ ਕੇ ਜਾਣਾ ਹੈ।

Leave a Reply

Your email address will not be published. Required fields are marked *