
ਲੁਧਿਆਣਾ, 16 ਜੁਲਾਈ 2026: ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ ‘ਤੇ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦੇ ਸਿਖਿਆਰਥੀਆਂ ਲਈ ਇੱਕ ਵਿਸ਼ਾਲ ਕਨਵੋਕੇਸ਼ਨ ਸਮਾਰੋਹ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੌਰਾਨ ਪੰਜਾਬ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਪੂਰੀ ਕਰਨ ਵਾਲੇ 1,044 ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ, ਜੋ ਉਨ੍ਹਾਂ ਦੇ ਰੁਜ਼ਗਾਰ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।
ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੌਸ਼ਲ ਵਿਕਾਸ ਅਤੇ ਉਦਯਮਤਾ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਦੀ ਮੇਜ਼ਬਾਨੀ ਰਾਜ ਸਭਾ ਮੈਂਬਰ, ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਸਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਕੀਤੀ ਗਈ।
ਇਹ ਸਮਾਗਮ ਪੰਜਾਬ ਵਿੱਚ ਵਿਸ਼ਵ ਯੁਵਾ ਹੁਨਰ ਦਿਵਸ ਦੇ ਸਭ ਤੋਂ ਵੱਡੇ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮਾਂ ਵਿੱਚੋਂ ਇੱਕ ਰਿਹਾ। ਇਸ ਵਿੱਚ 3,000 ਤੋਂ ਵੱਧ ਨੌਜਵਾਨਾਂ, ਉਦਯੋਗ ਜਗਤ ਦੇ ਨੁਮਾਇੰਦਿਆਂ, ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ, ਰੁਜ਼ਗਾਰਦਾਤਾਵਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਰਾਜਪਾਲ ਨੇ ਕੀਤੀ ਸਨ ਫਾਊਂਡੇਸ਼ਨ ਦੀ ਭਰਪੂਰ ਸ਼ਲਾਘਾ
ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਨ ਫਾਊਂਡੇਸ਼ਨ ਵੱਲੋਂ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਫਾਊਂਡੇਸ਼ਨ ਨੇ ਹਜ਼ਾਰਾਂ ਨੌਜਵਾਨਾਂ ਨੂੰ ਆਧੁਨਿਕ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿੱਚ ਕੇਵਲ ਡਿਗਰੀਆਂ ਹੀ ਨਹੀਂ, ਸਗੋਂ ਮੰਗ ਅਨੁਸਾਰ ਹੁਨਰ ਵੀ ਬਹੁਤ ਜ਼ਰੂਰੀ ਹਨ। ਅਜਿਹੀਆਂ ਸੰਸਥਾਵਾਂ ਦੇਸ਼ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਦੇਸ਼ ਦੀ ਆਰਥਿਕ ਤਰੱਕੀ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ।
ਜਯੰਤ ਚੌਧਰੀ ਨੇ ਸਨ ਫਾਊਂਡੇਸ਼ਨ ਨੂੰ ਦੱਸਿਆ ਮਿਸਾਲੀ ਸੰਸਥਾ
ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਪੰਜਾਬ ਵਿੱਚ ਵਿਸ਼ਵ ਪੱਧਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਸਨ ਫਾਊਂਡੇਸ਼ਨ ਦੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਨ ਫਾਊਂਡੇਸ਼ਨ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇੱਕ ਮਿਸਾਲੀ ਸੰਸਥਾ ਬਣ ਕੇ ਉਭਰੀ ਹੈ, ਜੋ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਵੀ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਲਈ ਤਿਆਰ ਕਰਨਾ ਹੈ ਅਤੇ ਇਸ ਦਿਸ਼ਾ ਵਿੱਚ ਸਨ ਫਾਊਂਡੇਸ਼ਨ ਦਾ ਮਾਡਲ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹੈ।
ਹੁਨਰ ਵਿਕਾਸ ਹੀ ਪੰਜਾਬ ਦੀਆਂ ਵੱਡੀਆਂ ਚੁਣੌਤੀਆਂ ਦਾ ਹੱਲ: ਡਾ. ਸਾਹਨੀ
ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣਾ ਹੀ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪਰਵਾਸ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ।
ਉਨ੍ਹਾਂ ਦੱਸਿਆ ਕਿ ਸਨ ਫਾਊਂਡੇਸ਼ਨ ਆਪਣੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ ਦੇ ਨੈੱਟਵਰਕ ਰਾਹੀਂ ਉਦਯੋਗ ਨਾਲ ਜੁੜੀ, ਆਧੁਨਿਕ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਸਿਖਲਾਈ ਮੁਹੱਈਆ ਕਰਵਾ ਰਿਹਾ ਹੈ। ‘ਸਕਿਲ ਫਾਰ ਜੌਬਸ’ ਮੁਹਿੰਮ ਤਹਿਤ ਹਰ ਸਾਲ 5,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ।
ਡਾ. ਸਾਹਨੀ ਨੇ ਦੱਸਿਆ ਕਿ ਫਾਊਂਡੇਸ਼ਨ ਤੋਂ ਸਿਖਲਾਈ ਪ੍ਰਾਪਤ ਹਜ਼ਾਰਾਂ ਨੌਜਵਾਨ ਅੱਜ ਇੰਡੀਗੋ ਏਅਰਲਾਈਨਜ਼, ਤਾਜ ਹੋਟਲਜ਼, ਮੈਰੀਅਟ, ਰੈਡੀਸਨ, ਸ਼ਾਹੀ ਐਕਸਪੋਰਟਸ, ਏਵਨ ਸਾਈਕਲਜ਼ ਸਮੇਤ ਨਿਰਮਾਣ, ਹੈਲਥਕੇਅਰ, ਹੋਸਪਿਟੈਲਿਟੀ ਅਤੇ ਸੇਵਾ ਖੇਤਰ ਦੀਆਂ ਕਈ ਪ੍ਰਸਿੱਧ ਕੰਪਨੀਆਂ ਵਿੱਚ ਸਫਲਤਾਪੂਰਵਕ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਨ ਫਾਊਂਡੇਸ਼ਨ ਬਾਜ਼ਾਰ ਦੀ ਮੰਗ ਅਨੁਸਾਰ ਕੋਰਸ ਤਿਆਰ ਕਰਕੇ ਉਦਯੋਗਾਂ ਦੀਆਂ ਲੋੜਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਵਿਚਕਾਰ ਪਾੜੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰ ਰਿਹਾ ਹੈ, ਜਿਸ ਨਾਲ ਸਿਖਲਾਈ ਤੋਂ ਬਾਅਦ ਨੌਜਵਾਨਾਂ ਲਈ ਰੁਜ਼ਗਾਰ ਪ੍ਰਾਪਤ ਕਰਨਾ ਹੋਰ ਆਸਾਨ ਬਣਿਆ ਹੈ।
ਵਰਲਡ ਸਕਿਲ ਕੈਂਪਸ ਦਾ ਕੀਤਾ ਦੌਰਾ
ਸਮਾਰੋਹ ਦੌਰਾਨ ਪਤਵੰਤੇ ਮਹਿਮਾਨਾਂ ਨੇ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬੇ ਜਾਣੇ ਅਤੇ ਆਰਟੀਫ਼ਿਸ਼ਲ ਇੰਟੈਲੀਜੈਂਸ (AI), ਐਡਵਾਂਸਡ ਮੈਨੂਫੈਕਚਰਿੰਗ, ਹੋਸਪਿਟੈਲਿਟੀ, ਹੈਲਥਕੇਅਰ ਅਤੇ ਹੋਰ ਉਭਰਦੇ ਖੇਤਰਾਂ ਨਾਲ ਸਬੰਧਤ ਹੁਨਰਾਂ ਦੀਆਂ ਪ੍ਰਦਰਸ਼ਨੀਆਂ ਅਤੇ ਲਾਈਵ ਡੈਮੋਨਸਟ੍ਰੇਸ਼ਨਾਂ ਦਾ ਜਾਇਜ਼ਾ ਲਿਆ।
ਸਮਾਗਮ ਦਾ ਸਮਾਪਨ ਨੌਜਵਾਨਾਂ ਨੂੰ ਰੁਜ਼ਗਾਰ-ਕੇਂਦਰਿਤ ਹੁਨਰਾਂ ਨਾਲ ਲੈਸ ਕਰਕੇ ਆਤਮਨਿਰਭਰ ਬਣਾਉਣ ਅਤੇ ਪੰਜਾਬ ਨੂੰ ਹੁਨਰ ਵਿਕਾਸ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੰਕਲਪ ਨਾਲ ਹੋਇਆ।
