Saturday, May 23Punjabi People

ਪੰਜਾਬ ਨੇ ਲਗਾਤਾਰ ਚੌਥੇ ਸੀਜ਼ਨ ਦੌਰਾਨ ਖ਼ਰੀਦ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ, ਲਾਲ ਚੰਦ ਕਟਾਰੂਚੱਕ

ਤਰਨ ਤਾਰਨ / ਚੰਡੀਗੜ੍ਹ , 24 ਅਪ੍ਰੈਲ 2026: ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਪੂਰੇ ਜੋਸ਼ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਖ਼ਰੀਦ ਤੋਂ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ-ਹਿਤੈਸ਼ੀ ਅਤੇ ਸੁਚਾਰੂ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਉਲੇਖ ਕੀਤਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ਦੌਰਾਨ ਖ਼ਰੀਦ ਅਤੇ ਅਦਾਇਗੀ ਦੋਹਾਂ ਨੂੰ ਇਕੱਠੇ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਹੈ।

ਝਬਾਲ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਮੰਤਰੀ ਨੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 76 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਲਗਭਗ 96 ਫੀਸਦੀ ਬਣਦੀ ਹੈ। ਇਸ ਸੀਜ਼ਨ ਲਈ ਕੁੱਲ 122 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਹਮੇਸ਼ਾ ਤੋਂ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ‘ਤੇ ਕੇਂਦ੍ਰਿਤ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ ਹਰ ਖ਼ਰੀਦ ਸੀਜ਼ਨ ਸਫਲਤਾਪੂਰਵਕ ਅਤੇ ਬਿਨਾ ਰੁਕਾਵਟ ਦੇ ਸੰਪੰਨ ਹੋਇਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਵਿੱਚ ਦੇਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਸਨ, ਪਰ ਮੌਜੂਦਾ ਸਰਕਾਰ ਨੇ ਇਨ੍ਹਾਂ ਮੁੱਦਿਆਂ ਦਾ ਪੱਕਾ ਹੱਲ ਕਰਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਹੁਣ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲ ਰਿਹਾ ਹੈ ਅਤੇ ਫ਼ਸਲ ਦੀ ਲਿਫ਼ਟਿੰਗ ਵੀ ਢੰਗ ਨਾਲ ਕੀਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨ ਭੰਡਾਰ ਮੰਨਿਆ ਜਾਂਦਾ ਹੈ ਅਤੇ ਇਸ ਪੱਧਰ ‘ਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਸੂਬੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਮਜ਼ਦੂਰਾਂ ਨੂੰ ਹੌਂਸਲਾ ਵੀ ਦਿੱਤਾ।

ਇਸ ਮੌਕੇ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖ਼ਰੀਦ ਹੋ ਰਹੀ ਹੈ ਅਤੇ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਮਿਲ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *