
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਲੋਕ-ਭਲਾਈ ਦੇ ਕੰਮ ਕਾਬਿਲ-ਏ-ਤਾਰੀਫ਼ ਹਨ। ਇਹ ਗੱਲ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਕੇਵਲ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਬਲਕਿ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਆਖਰੀ ਛੋਰ ਤੱਕ ਪਹੁੰਚਾਉਣਾ ਮਹੱਤਵਪੂਰਨ ਉਪਲਬਧੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਵੱਡੇ ਯਤਨ ਕੀਤੇ ਹਨ। ਇਸਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਸਪਲਾਈ ਦਾ ਫੈਸਲਾ ਕਿਸਾਨਾਂ ਲਈ ਕਾਫ਼ੀ ਰਾਹਤਦਾਇਕ ਸਾਬਤ ਹੋਇਆ ਹੈ।
ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਯੋਜਨਾ, ਜੋ ਪਹਿਲਾਂ ਵਿਵਾਦਾਂ ਵਿੱਚ ਰਹਿੰਦੀ ਸੀ, ਹੁਣ ਪੂਰੀ ਪਾਰਦਰਸ਼ਤਾ ਨਾਲ ਚਲ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ ਅਤੇ 2017 ਤੋਂ 2020 ਤੱਕ ਦੇ ਬਕਾਇਆ ਭੁਗਤਾਨ ਵੀ ਕਰ ਦਿੱਤੇ ਗਏ ਹਨ। ਇਸ ਕਾਰਨ ਪੰਜਾਬ ਦੇਸ਼ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਐਸ.ਸੀ. ਭਾਈਚਾਰੇ ਦੇ ਲੰਬਿਤ ਕਰਜ਼ਿਆਂ ਵਿੱਚੋਂ 60 ਕਰੋੜ ਰੁਪਏ ਤੋਂ ਵੱਧ ਦੇ ਲੋਨ ਮਾਫ ਕਰਕੇ ਵੱਡੀ ਰਾਹਤ ਦਿੱਤੀ ਗਈ ਹੈ।
ਗਰੰਟੀਆਂ ਦੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਸਭ ਤੋਂ ਪਹਿਲਾਂ ਪੂਰੀ ਕੀਤੀ ਗਈ, ਜਿਸ ਨਾਲ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਆਰਥਿਕ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹਲਕਾ ਮਲੋਟ ਵਿੱਚ 30 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਜਪਾਨ ਅਤੇ ਕੋਰੀਆ ਦੇ ਨਿਵੇਸ਼ਕਾਂ ਨਾਲ ਸੰਪਰਕ ਕੀਤਾ ਹੈ, ਜਿਨ੍ਹਾਂ ਵੱਲੋਂ ਪੰਜਾਬ ਵਿੱਚ ਨਿਵੇਸ਼ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਅਪਗਰੇਡ ਕੀਤਾ ਗਿਆ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਵੱਡੇ ਇਲਾਜ ਮੁਫ਼ਤ ਕੀਤੇ ਗਏ ਹਨ। ਇਸਦੇ ਨਾਲ ਹੀ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦਿੱਤੀ ਜਾ ਰਹੀ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਰੈਲੀਆਂ ਦਾ ਮਕਸਦ ਪ੍ਰਚਾਰ ਨਹੀਂ, ਸਗੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਹਰ ਯੋਗ ਵਿਅਕਤੀ ਇਸਦਾ ਲਾਭ ਲੈ ਸਕੇ।
ਇਸ ਮੌਕੇ ਜੋਨੀ ਗਰਗ, ਸਤਪਾਲ ਗਿਰਧਰ, ਵਿਕਰਾਂਤ ਖੁਰਾਣਾ (ਦਫ਼ਤਰ ਇੰਚਾਰਜ), ਗੁਰਪ੍ਰੀਤ ਸਿੰਘ ਸਰਾਂ, ਸਰਪੰਚ ਹਰਜਿੰਦਰ ਸਿੰਘ ਕੰਗ, ਦਰਸ਼ਨ ਸਿੰਘ ਕੰਗ, ਭੁਪਿੰਦਰ ਸਿੰਘ ਕੰਗ, ਸਤਨਾਮ ਸਿੰਘ ਸਰਾਂ ਅਤੇ ਸੁਮੀਤ ਸਿੰਘ ਸਰਾਂ ਹਾਜ਼ਰ ਸਨ।
