
ਚੰਡੀਗੜ੍ਹ, 26 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਔਰਤਾਂ ਦੀ ਆਰਥਿਕ ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਵਜੋਂ ਉਭਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ।
ਲਾਭਪਾਤਰੀਆਂ ਦਾ ਕਹਿਣਾ ਹੈ ਕਿ ਡੀਬੀਟੀ ਪ੍ਰਣਾਲੀ ਨੇ ਨਾ ਸਿਰਫ਼ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਹੈ, ਸਗੋਂ ਔਰਤਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖਤਿਆਰ ਵੀ ਬਣਾਇਆ ਹੈ। ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਉਹ ਆਪਣੀ ਲੋੜ ਅਨੁਸਾਰ ਇਸਦੀ ਵਰਤੋਂ ਕਰ ਸਕਦੀਆਂ ਹਨ।
33 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ₹1,149 ਕਰੋੜ ਦਾ ਲਾਭ
ਪੰਜਾਬ ਸਰਕਾਰ ਵੱਲੋਂ ਹੁਣ ਤੱਕ ਇਸ ਯੋਜਨਾ ਅਧੀਨ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹1,149 ਕਰੋੜ ਦੀ ਰਕਮ ਡੀਬੀਟੀ ਰਾਹੀਂ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।
ਯੋਜਨਾ ਤਹਿਤ:
- ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਕਿਸ਼ਤਾਂ ਵਿੱਚ ਕੁੱਲ ₹4,500 ਦਿੱਤੇ ਗਏ ਹਨ।
- ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਕਿਸ਼ਤਾਂ ਵਿੱਚ ਕੁੱਲ ₹3,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਇਸ ਯੋਜਨਾ ਅਧੀਨ 70 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਿਸ ਕਾਰਨ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦਰਿਤ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚ ਸ਼ਾਮਲ ਹੋ ਗਈ ਹੈ।
ਡੀਬੀਟੀ ਨੇ ਵਧਾਇਆ ਔਰਤਾਂ ਦਾ ਭਰੋਸਾ
ਲਾਭਪਾਤਰੀਆਂ ਨੇ ਕਿਹਾ ਕਿ ਸਿੱਧੀ ਬੈਂਕ ਟ੍ਰਾਂਸਫਰ ਪ੍ਰਣਾਲੀ ਕਾਰਨ ਨਾ ਤਾਂ ਕਿਸੇ ਵਿਚੋਲੇ ਦੀ ਲੋੜ ਪਈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਲੋੜ ਪੈਂਦੀ ਹੈ, ਉਹ ਆਪਣੇ ਬੈਂਕ ਖਾਤੇ ਵਿੱਚੋਂ ਰਕਮ ਕਢਵਾ ਕੇ ਘਰੇਲੂ ਜਾਂ ਹੋਰ ਜ਼ਰੂਰੀ ਲੋੜਾਂ ਲਈ ਵਰਤ ਸਕਦੀਆਂ ਹਨ।
“ਹੁਣ ਪੈਸੇ ਸਾਡੇ ਆਪਣੇ ਖਾਤਿਆਂ ਵਿੱਚ ਸੁਰੱਖਿਅਤ ਹਨ” — ਸਰਬਜੀਤ ਕੌਰ
ਗੁਰਦਾਸਪੁਰ ਦੀ 32 ਸਾਲਾ ਸਰਬਜੀਤ ਕੌਰ ਨੇ ਕਿਹਾ ਕਿ ਡੀਬੀਟੀ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਸਹੀ ਵਰਤੋਂ ਯਕੀਨੀ ਬਣਾਈ ਹੈ।
ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੈਸਾ ਸਿੱਧਾ ਸਾਡੇ ਬੈਂਕ ਖਾਤਿਆਂ ਵਿੱਚ ਭੇਜਿਆ ਹੈ। ਜੇ ਇਹ ਰਕਮ ਨਕਦ ਮਿਲਦੀ ਤਾਂ ਸ਼ਾਇਦ ਇਸਦੀ ਸਹੀ ਵਰਤੋਂ ਨਾ ਹੁੰਦੀ। ਹੁਣ ਇਹ ਪੈਸਾ ਸਾਡੇ ਖਾਤੇ ਵਿੱਚ ਸੁਰੱਖਿਅਤ ਹੈ ਅਤੇ ਅਸੀਂ ਲੋੜ ਅਨੁਸਾਰ ਇਸਦੀ ਵਰਤੋਂ ਕਰ ਸਕਦੇ ਹਾਂ।”
“ਅਰਜ਼ੀ ਤੋਂ ਕੁਝ ਹੀ ਦਿਨਾਂ ਵਿੱਚ ਖਾਤੇ ਵਿੱਚ ਆ ਗਈ ਰਕਮ” — ਗਗਨਦੀਪ ਕੌਰ
ਗੁਰਦਾਸਪੁਰ ਦੇ ਪਿੰਡ ਹਰਚੋਵਾਲ ਦੀ 35 ਸਾਲਾ ਗਗਨਦੀਪ ਕੌਰ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦੀ ਸਭ ਤੋਂ ਪਾਰਦਰਸ਼ੀ ਸਰਕਾਰੀ ਯੋਜਨਾਵਾਂ ਵਿੱਚੋਂ ਇੱਕ ਹੈ।
ਉਨ੍ਹਾਂ ਦੱਸਿਆ ਕਿ ਅਰਜ਼ੀ ਦੇਣ ਤੋਂ ਪੰਜ-ਛੇ ਦਿਨਾਂ ਅੰਦਰ ਹੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਆ ਗਈ।
ਉਨ੍ਹਾਂ ਕਿਹਾ, “ਜੇ ਨਕਦ ਵੰਡ ਹੁੰਦੀ ਤਾਂ ਲੋਕਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ। ਡੀਬੀਟੀ ਰਾਹੀਂ ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਪੂਰੀ ਹੋਈ।”
“ਧੀਆਂ ਦੀ ਪੜ੍ਹਾਈ ਅਤੇ ਘਰੇਲੂ ਖਰਚਾਂ ਵਿੱਚ ਮਿਲੀ ਮਦਦ” — ਸੁਮਨ ਕੁਮਾਰੀ
ਸ੍ਰੀ ਹਰਗੋਬਿੰਦਪੁਰ ਦੀ 49 ਸਾਲਾ ਸੁਮਨ ਕੁਮਾਰੀ ਨੇ ਦੱਸਿਆ ਕਿ ਇਸ ਵਿੱਤੀ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਘਰੇਲੂ ਖਰਚਿਆਂ ਅਤੇ ਧੀਆਂ ਦੀ ਉੱਚ ਸਿੱਖਿਆ ਵਿੱਚ ਵੱਡੀ ਮਦਦ ਮਿਲੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਦੋਵੇਂ ਧੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ ਅਤੇ ਪਰਿਵਾਰ ਨੂੰ ਮੁਫ਼ਤ ਰਾਸ਼ਨ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਵਰਗੀਆਂ ਹੋਰ ਲੋਕ-ਭਲਾਈ ਯੋਜਨਾਵਾਂ ਦਾ ਵੀ ਲਾਭ ਮਿਲ ਰਿਹਾ ਹੈ।
“ਔਰਤਾਂ ਨੂੰ ਆਪਣੀਆਂ ਤਰਜੀਹਾਂ ਅਨੁਸਾਰ ਖਰਚ ਕਰਨ ਦੀ ਮਿਲੀ ਆਜ਼ਾਦੀ” — ਹਰਪਾਲ ਕੌਰ
ਮੰਡੀ ਅਹਿਮਦਗੜ੍ਹ ਦੀ ਹਰਪਾਲ ਕੌਰ ਨੇ ਕਿਹਾ ਕਿ ਇਸ ਯੋਜਨਾ ਨੇ ਔਰਤਾਂ ਨੂੰ ਆਰਥਿਕ ਫ਼ੈਸਲੇ ਖੁਦ ਕਰਨ ਦਾ ਮੌਕਾ ਦਿੱਤਾ ਹੈ।
ਉਨ੍ਹਾਂ ਕਿਹਾ, “ਮੈਂ ਇਹ ਰਕਮ ਘਰੇਲੂ ਲੋੜਾਂ ‘ਤੇ ਖਰਚ ਕੀਤੀ ਹੈ। ਮੇਰੀਆਂ ਦੋ ਧੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ ਅਤੇ ਉਹ ਆਪਣੀਆਂ ਜ਼ਰੂਰਤਾਂ ਮੁਤਾਬਕ ਇਸਦੀ ਵਰਤੋਂ ਕਰ ਰਹੀਆਂ ਹਨ। ਡੀਬੀਟੀ ਰਾਹੀਂ ਸਿੱਧਾ ਖਾਤੇ ਵਿੱਚ ਪੈਸਾ ਆਉਣਾ ਸਭ ਤੋਂ ਵਧੀਆ ਪ੍ਰਬੰਧ ਹੈ।”
ਡੀਬੀਟੀ ਮਾਡਲ ਨੇ ਮਜ਼ਬੂਤ ਕੀਤੀ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ
ਲਾਭਪਾਤਰੀਆਂ ਦੀਆਂ ਪ੍ਰਤੀਕਿਰਿਆਵਾਂ ਤੋਂ ਸਪੱਸ਼ਟ ਹੈ ਕਿ ਡੀਬੀਟੀ ਮਾਡਲ ਨੇ ਸਰਕਾਰੀ ਭਲਾਈ ਯੋਜਨਾਵਾਂ ਦੀ ਡਿਲੀਵਰੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਹੈ।
ਸਿੱਧੀ ਬੈਂਕ ਟ੍ਰਾਂਸਫਰ ਨਾਲ ਮਹਿਲਾਵਾਂ ਨੂੰ ਆਪਣੀ ਵਿੱਤੀ ਸਹਾਇਤਾ ‘ਤੇ ਖੁਦ ਦਾ ਅਧਿਕਾਰ ਮਿਲਿਆ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸੁਤੰਤਰਤਾ ਹੋਰ ਮਜ਼ਬੂਤ ਹੋਈ ਹੈ।
ਡਾ. ਬਲਜੀਤ ਕੌਰ: ਹਰ ਯੋਗ ਮਹਿਲਾ ਤੱਕ ਪਹੁੰਚੇਗਾ ਯੋਜਨਾ ਦਾ ਲਾਭ
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਨਮਾਨ ਅਤੇ ਆਤਮ-ਵਿਸ਼ਵਾਸ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ, “ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਯੋਗ ਮਹਿਲਾ ਤੱਕ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਵਿੱਤੀ ਸਹਾਇਤਾ ਪਹੁੰਚੇ ਅਤੇ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਤੋਂ ਵਾਂਝੀ ਨਾ ਰਹੇ।”
ਐਕਸਿਸ ਬੈਂਕ ਦੀ ਅਹਿਮ ਭੂਮਿਕਾ
ਇਸ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਵਿੱਚ ਐਕਸਿਸ ਬੈਂਕ, ਜੋ ਇਸ ਯੋਜਨਾ ਦਾ ਨੋਡਲ ਬੈਂਕਿੰਗ ਭਾਈਵਾਲ ਹੈ, ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਐਕਸਿਸ ਬੈਂਕ ਦੇ ਗਰੁੱਪ ਹੈੱਡ (ਬ੍ਰਾਂਚ ਬੈਂਕਿੰਗ, ਨੌਰਥ ਐਂਡ ਟਾਸਕ ਬਿਜ਼ਨਸ) ਰੇਨੋਲਡ ਡਿਸੂਜ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਇਸ ਮਹੱਤਵਪੂਰਨ ਯੋਜਨਾ ਵਿੱਚ ਭਾਈਵਾਲ ਬਣਨਾ ਬੈਂਕ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਬੈਂਕ ਲੱਖਾਂ ਮਹਿਲਾਵਾਂ ਤੱਕ ਵਿੱਤੀ ਸਹਾਇਤਾ ਸਮੇਂ ਸਿਰ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਵੱਡੀਆਂ ਸਮਾਜਿਕ ਭਲਾਈ ਯੋਜਨਾਵਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
