Wednesday, July 29Punjabi People

ਐਨ.ਆਰ.ਆਈ. ਪੰਜਾਬੀਆਂ ਨਾਲ ‘ਆਨਲਾਈਨ ਮਿਲਣੀ’, ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਹੱਲ ਲਈ ਦਿੱਤੇ ਨਿਰਦੇਸ਼

ਚੰਡੀਗੜ੍ਹ, 8 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (ਐਨ.ਆਰ.ਆਈ. ਭਾਈਚਾਰੇ) ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ ‘ਆਨਲਾਈਨ ਮਿਲਣੀ’ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮੇਂਬੱਧ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਵੀ ਹੈ।

ਮਹੀਨਾਵਾਰ ਆਨਲਾਈਨ ਮਿਲਣੀ ਵਿੱਚ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਮੰਤਰੀ ਸਾਹਮਣੇ ਰੱਖੀਆਂ। ਇਸ ਦੌਰਾਨ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਵਿਵਾਦਾਂ, ਵਿਆਹ ਮਾਮਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮੁੱਦਿਆਂ ਨਾਲ ਜੁੜੀਆਂ ਸ਼ਿਕਾਇਤਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ ਨੇ ਆਪਣੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ। ਕਈ ਐਨ.ਆਰ.ਆਈ. ਪੈਨਸ਼ਨਰਾਂ ਨੇ ਵਿਦੇਸ਼ ਵਿੱਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਪੈਨਸ਼ਨ ਤਸਦੀਕ ਪ੍ਰਕਿਰਿਆ ਨਾਲ ਜੁੜੀਆਂ ਤਕਨੀਕੀ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉੱਥੇ ਸ਼ਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੀਤਾ ਜਾਵੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਹੀਨਾਵਾਰ ‘ਆਨਲਾਈਨ ਮਿਲਣੀ’ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿਚਕਾਰ ਸੰਚਾਰ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕੀ ਹੈ। ਇਸ ਰਾਹੀਂ ਐਨ.ਆਰ.ਆਈ. ਭਾਈਚਾਰੇ ਨੂੰ ਆਪਣੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਲਈ ਆਸਾਨ ਅਤੇ ਪਾਰਦਰਸ਼ੀ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੰਜਾਬ ਨਾਲ ਉਨ੍ਹਾਂ ਦੇ ਭਾਵਨਾਤਮਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *