
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਸ ਮੁਹਿੰਮ ਦੇ ਸਿਰਫ਼ 16 ਦਿਨਾਂ ਦੇ ਅੰਦਰ ਹੀ ਸੂਬੇ ਵਿੱਚ 1 ਕਰੋੜ ਤੋਂ ਵੱਧ ਗਣਨਾ (Enumeration) ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ 99.34 ਫ਼ੀਸਦੀ ਘਰਾਂ ਤੱਕ ਗਣਨਾ ਫਾਰਮਾਂ ਦੀ ਵੰਡ ਵੀ ਪੂਰੀ ਕੀਤੀ ਜਾ ਚੁੱਕੀ ਹੈ, ਜੋ ਸੂਬੇ ਦੇ ਲਗਭਗ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਦੀ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਗਣਨਾ ਫਾਰਮਾਂ ਦਾ ਇਕੱਠ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਸਹੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਚੋਣ ਪ੍ਰਣਾਲੀ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣੇਗੀ ਅਤੇ ਹਰ ਯੋਗ ਨਾਗਰਿਕ ਦਾ ਵੋਟ ਦਾ ਅਧਿਕਾਰ ਸੁਰੱਖਿਅਤ ਰਹੇਗਾ।
ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ‘ਤੇ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਠ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।
ਸੀ.ਈ.ਓ. ਨੇ ਦੱਸਿਆ ਕਿ ਮੁਹਿੰਮ ਨੂੰ ਹੋਰ ਗਤੀ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ 11 ਅਤੇ 12 ਜੁਲਾਈ 2026 ਨੂੰ ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿ ਗਏ ਗਣਨਾ ਫਾਰਮ ਭਰੇ ਜਾਣਗੇ, ਇਕੱਠੇ ਕੀਤੇ ਜਾਣਗੇ ਅਤੇ ਤੁਰੰਤ ਡਿਜੀਟਾਈਜ਼ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਰ ਸੂਚੀਆਂ ਵਿੱਚ ਮੌਜੂਦ ਗਲਤੀਆਂ, ਲਿੰਕੇਜ ਨਾਲ ਸਬੰਧਤ ਫਰਕ ਅਤੇ ਹੋਰ ਤਕਨੀਕੀ ਖਾਮੀਆਂ ਨੂੰ ਵੀ ਦੂਰ ਕੀਤਾ ਜਾਵੇਗਾ। ਨਾਗਰਿਕਾਂ ਨੂੰ ਆਪਣੇ ਵੋਟ ਨਾਲ ਜੁੜੇ ਵੇਰਵਿਆਂ ਦੀ ਜਾਂਚ ਅਤੇ ਲੋੜੀਂਦੇ ਅਪਡੇਟ ਕਰਵਾਉਣ ਲਈ ਵੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਸੋਧ ਮੁਹਿੰਮ ਤਹਿਤ 24,453 ਬੀ.ਐਲ.ਓਜ਼. ਪੰਜਾਬ ਦੇ 2,14,61,043 ਰਜਿਸਟਰਡ ਵੋਟਰਾਂ ਤੱਕ ਘਰ-ਘਰ ਪਹੁੰਚ ਕਰ ਰਹੇ ਹਨ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਅਨਿੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ (ਰੈਸ਼ਨਲਾਈਜ਼ੇਸ਼ਨ) ਦਾ ਕੰਮ 24 ਜੁਲਾਈ 2026 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ 3 ਅਗਸਤ 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਮੁੱਖ ਚੋਣ ਅਫ਼ਸਰ ਨੇ ਸੂਬੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਨਾਲ ਸਬੰਧਤ ਸਾਰੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੇ ਸੋਧ ਕਰਵਾਉਣ। ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀ ਹੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦੀ ਮਜ਼ਬੂਤ ਨੀਂਹ ਹੁੰਦੀ ਹੈ ਅਤੇ ਹਰ ਨਾਗਰਿਕ ਦਾ ਸਹਿਯੋਗ ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਾ ਹੈ।
