
ਅੰਮ੍ਰਿਤਸਰ, 4 ਅਕਤੂਬਰ 2026: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਏ ਜਾ ਰਹੇ ਹਨ।
ਇਸੇ ਤਹਿਤ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਮੰਨੇ ਜਾਂਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਸਘਣ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਕਈ ਹੌਟਸਪੌਟਸ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਨਸ਼ਾ ਤਸਕਰੀ ਦੇ ਹੌਟਸਪੌਟਸ ’ਤੇ ਪੁਲਿਸ ਦੀ ਸਖ਼ਤ ਨਜ਼ਰ
ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ, ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਸਵੇਰ ਤੋਂ ਹੀ ਗਰਾਊਂਡ ਜ਼ੀਰੋ ’ਤੇ ਸਰਗਰਮ ਰਹੀ। ਪੁਲਿਸ ਵੱਲੋਂ ਇਲਾਕੇ ਦੇ ਵੱਖ-ਵੱਖ ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਟਾਰਗੇਟ ਕੀਤਾ ਗਿਆ, ਜਿੱਥੇ ਨਸ਼ਿਆਂ ਦੀ ਖਰੀਦ-ਫਰੋਖ਼ਤ ਹੋਣ ਦੀ ਸੰਭਾਵਨਾ ਵੱਧ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਾਂਝੀ ਕਾਰਵਾਈ ਦੌਰਾਨ ਪੁਲਿਸ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ। ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
1 ਕਿਲੋਗ੍ਰਾਮ ਹੈਰੋਇਨ, ਗ੍ਰਨੇਡ ਅਤੇ ਪਿਸਤੌਲ ਬਰਾਮਦ
ਆਪ੍ਰੇਸ਼ਨ ਦੌਰਾਨ ਹੋਈ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਆਈਜੀ ਭੁੱਲਰ ਨੇ ਦੱਸਿਆ ਕਿ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ 1 ਕਿਲੋਗ੍ਰਾਮ ਹੈਰੋਇਨ, ਗ੍ਰਨੇਡ ਅਤੇ ਪਿਸਤੌਲ ਬਰਾਮਦ ਕੀਤੇ ਗਏ ਹਨ।
ਪੁਲਿਸ ਵੱਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਰੋਤ ਅਤੇ ਇਨ੍ਹਾਂ ਨਾਲ ਜੁੜੇ ਹੋਰ ਸੰਭਾਵਿਤ ਵਿਅਕਤੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਦੀ ਪੂਰੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਬਰਾਮਦਗੀ ਅਤੇ ਕਾਰਵਾਈ ਦੇ ਅੰਤਿਮ ਵੇਰਵੇ ਸਾਂਝੇ ਕੀਤੇ ਜਾਣਗੇ।
ਇੱਕ ਮਹੀਨੇ ਵਿੱਚ ਕਰੀਬ 60 ਕਿਲੋਗ੍ਰਾਮ ਹੈਰੋਇਨ ਜ਼ਬਤ
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਬਾਰਡਰ ਰੇਂਜ ਵਿੱਚ ਪਿਛਲੇ ਇੱਕ ਮਹੀਨੇ ਦੌਰਾਨ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਬਾਰਡਰ ਰੇਂਜ ਦਾ ਕਾਰਜਭਾਰ ਸੰਭਾਲਿਆ ਹੈ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਮੁਤਾਬਕ, ਇਕੱਲੇ ਇਸ ਮਹੀਨੇ ਦੌਰਾਨ ਕਰੀਬ 60 ਕਿਲੋਗ੍ਰਾਮ ਹੈਰੋਇਨ ਅਤੇ ਕਈ ਘਾਤਕ ਹਥਿਆਰ (ਲੀਥਲ ਵੈਪਨਜ਼) ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਲੋਕਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦਾ ਮਿਲ ਰਿਹਾ ਸਹਿਯੋਗ
ਆਈਜੀ ਭੁੱਲਰ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਫ ਪੰਜਾਬ ਹੈਲਪਲਾਈਨ ’ਤੇ ਲੋਕਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਮਹੱਤਵਪੂਰਨ ਇਨਪੁਟ ਅਤੇ ਗੁਪਤ ਸੂਚਨਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਸ ਦੇ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ (VDC) ਵੱਲੋਂ ਵੀ ਪੁਲਿਸ ਨੂੰ ਆਪਣੇ-ਆਪਣੇ ਇਲਾਕਿਆਂ ਸਬੰਧੀ ਮਹੱਤਵਪੂਰਨ ਫੀਡਬੈਕ ਦਿੱਤਾ ਜਾ ਰਿਹਾ ਹੈ।
ਆਈਜੀ ਨੇ ਕਿਹਾ ਕਿ ਕੋਈ ਵੀ ਪੁਲਿਸ ਪ੍ਰਣਾਲੀ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ। ਪੰਜਾਬ ਦੇ ਲੋਕ ਹੁਣ ਨਸ਼ਿਆਂ ਖ਼ਿਲਾਫ਼ ਪੁਲਿਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪੁਲਿਸ ਦੀ ਸਾਂਝੀ ਕੋਸ਼ਿਸ਼ ਦਾ ਨਤੀਜਾ ਹੈ ਕਿ ਕਈ ਅਜਿਹੇ ਇਲਾਕੇ ਅਤੇ ਮੁਹੱਲੇ, ਜੋ ਪਹਿਲਾਂ ਨਸ਼ਿਆਂ ਲਈ ਬਦਨਾਮ ਰਹੇ ਹਨ, ਹੁਣ ਨਸ਼ਾ ਮੁਕਤੀ ਵੱਲ ਵਧ ਰਹੇ ਹਨ।
ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜ਼ਾਈ ਲਈ ਰਿਵਾਰਡ ਪਾਲਿਸੀ
ਆਈਜੀ ਭੁੱਲਰ ਨੇ ਦੱਸਿਆ ਕਿ ਉਹ ਖੁਦ ਅਤੇ ਐੱਸਐੱਸਪੀ ਲਗਾਤਾਰ ਫੀਲਡ ਵਿੱਚ ਜਾ ਕੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਬ੍ਰੀਫ਼ ਕਰ ਰਹੇ ਹਨ ਅਤੇ ਉਨ੍ਹਾਂ ਦਾ ਹੌਸਲਾ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਵਿੱਚ ਜਿਹੜੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਸਰਕਾਰ ਦੀ ਰਿਵਾਰਡ ਪਾਲਿਸੀ ਤਹਿਤ ਯੋਗ ਇਨਾਮ ਅਤੇ ਸਨਮਾਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਨੂੰ ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਹੋਰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਤਸਕਰਾਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਜਾਰੀ
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਜ਼ੀਰੋ ਟੌਲਰੈਂਸ ਨੀਤੀ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ CASO ਆਪ੍ਰੇਸ਼ਨ ਦੀ ਪੂਰੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਸ਼ਾਮ ਤੱਕ ਅੰਤਿਮ ਅੰਕੜੇ ਇਕੱਠੇ ਕੀਤੇ ਜਾਣਗੇ ਅਤੇ ਬਰਾਮਦਗੀ ਤੇ ਕੀਤੀ ਗਈ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
