
ਅੰਮ੍ਰਿਤਸਰ, 11 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਮਨ-ਸ਼ਾਂਤੀ ਵਾਲਾ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਨਾਲ ਚੱਲ ਰਹੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਭੰਡਾਫੋੜ ਕਰਦਿਆਂ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਕੀਤਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀਆਂ ਸਮੇਤ ਵਿਦੇਸ਼ੀ ਬਣਾਵਟ ਦੀ ਪਿਸਤੌਲ ਬਰਾਮਦ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੀਤਾਪੁਰ ਦੇ ਪਿੰਡ ਸਰੋਸਾ ਦਾ ਵਸਨੀਕ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਉਹ ਐਨਕ੍ਰਿਪਟਡ ਸੋਸ਼ਲ ਮੀਡੀਆ ਅਤੇ ਹੋਰ ਗੁਪਤ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਹੈਂਡਲਰ ਨਾਲ ਸੰਪਰਕ ਵਿੱਚ ਸੀ।
ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੀ ਗਈ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਮੁਲਜ਼ਮ ਨੇ ਇਸਨੂੰ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਇਕ ਨਿਰਧਾਰਤ ਥਾਂ ਤੋਂ ਪ੍ਰਾਪਤ ਕੀਤਾ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਆਈਈਡੀ ਪੰਜਾਬ ਅਤੇ ਦਿੱਲੀ ਸਮੇਤ ਹੋਰ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ ਲਈ ਵਰਤੀ ਜਾਣੀ ਸੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੂਹ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਇਸਦੇ ਹੋਰ ਮੈਂਬਰਾਂ ਤੱਕ ਪਹੁੰਚਣ ਲਈ ਜਾਂਚ ਤੇਜ਼ੀ ਨਾਲ ਜਾਰੀ ਹੈ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਠੋਸ ਸੁਝਾਅ ਮਿਲੇ ਸਨ ਕਿ ਪਾਕਿਸਤਾਨੀ ਸੰਚਾਲਕਾਂ ਵੱਲੋਂ ਭਾਰਤ ਵਿੱਚ ਆਪਣੇ ਸਾਥੀਆਂ ਤੱਕ ਆਈਈਡੀ ਅਤੇ ਹਥਿਆਰਾਂ ਦੀ ਖੇਪ ਪਹੁੰਚਾਈ ਗਈ ਹੈ, ਜਿਸਦਾ ਮਕਸਦ ਵੱਖ-ਵੱਖ ਥਾਵਾਂ ‘ਤੇ ਧਮਾਕੇ ਕਰਨਾ ਸੀ। ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਖ਼ਾਸ ਟੀਮਾਂ ਬਣਾਈਆਂ ਗਈਆਂ ਅਤੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ। ਕਾਰਵਾਈ ਦੌਰਾਨ ਸ਼ੁਭਮ ਕੁਮਾਰ ਨੂੰ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਦਰਗਾਹ ਨੇੜੇ ਖਾਲੀ ਪਈ ਜਗ੍ਹਾ ਤੋਂ ਕਾਬੂ ਕੀਤਾ ਗਿਆ ਅਤੇ ਉਸਦੇ ਕੋਲੋਂ ਆਈਈਡੀ ਅਤੇ ਪਿਸਤੌਲ ਬਰਾਮਦ ਕੀਤੇ ਗਏ।
ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੱਟੜਪੰਥੀ ਵਿਚਾਰਧਾਰਾ ਨਾਲ ਪ੍ਰਭਾਵਿਤ ਸੀ ਅਤੇ ਵੱਡੀ ਰਕਮ ਦੇ ਲਾਲਚ ਵਿੱਚ ਆਪਣੇ ਹੈਂਡਲਰ ਦੇ ਕਹਿਣ ‘ਤੇ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ ਸੀ। ਉਸਨੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਕ ਨਿਰਧਾਰਤ ਸਥਾਨ ਤੋਂ ਵਿਸਫੋਟਕ ਸਮੱਗਰੀ ਅਤੇ ਹਥਿਆਰ ਹਾਸਲ ਕੀਤੇ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2), ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ ਅਸਲਾ ਐਕਟ ਦੀ ਧਾਰਾ 25(1)(ਡੀ) ਤਹਿਤ ਐਫਆਈਆਰ ਨੰਬਰ 09 ਮਿਤੀ 10.02.2026 ਦਰਜ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਜੜੋਂ ਸਮੇਤ ਖ਼ਤਮ ਕਰਨ ਲਈ ਕੜੀ ਕਾਰਵਾਈ ਜਾਰੀ ਹੈ।
