Saturday, September 12Punjabi People

ਪੰਜਾਬ ਪੁਲਿਸ ਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 572 ਥਾਵਾਂ ’ਤੇ ਛਾਪੇ; 384 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 29 ਅਗਸਤ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਤਹਿਤ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ‘ਗੈਂਗਸਟਰ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ 572 ਥਾਵਾਂ ’ਤੇ ਛਾਪੇਮਾਰੀ ਕੀਤੀ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਕਾਰਵਾਈ ਦੌਰਾਨ ਤਿੰਨ ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਹੋ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ 200 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ।

ਕਾਰਵਾਈ ਦੌਰਾਨ ਪੁਲਿਸ ਨੇ ਪੰਜ ਭਗੌੜੇ ਅਪਰਾਧੀਆਂ (POs) ਨੂੰ ਵੀ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਛਾਪੇਮਾਰੀ ਤੇ ਜਾਂਚ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਗੈਂਗਸਟਰਾਂ ਦੀ ਜਾਣਕਾਰੀ ਦੇਣ ਲਈ ਹੈਲਪਲਾਈਨ ਜਾਰੀ

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਸਬੰਧੀ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ। ਪੁਲਿਸ ਮੁਤਾਬਕ ਲੋਕ ਆਪਣੀ ਪਛਾਣ ਗੁਪਤ ਰੱਖਦਿਆਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਸਕਦੇ ਹਨ।

ਇਸ ਲਈ ਪੁਲਿਸ ਵੱਲੋਂ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਗੈਂਗਸਟਰਾਂ ਜਾਂ ਕਿਸੇ ਲੋੜੀਂਦੇ ਅਪਰਾਧੀ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਬਿਨਾਂ ਡਰ ਦੇ ਪੁਲਿਸ ਨਾਲ ਸਾਂਝੀ ਕਰਨ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 54 ਨਸ਼ਾ ਤਸਕਰ ਗ੍ਰਿਫ਼ਤਾਰ

ਇਸੇ ਦੌਰਾਨ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਵੱਡੀ ਕਾਰਵਾਈ ਕੀਤੀ। ਮੁਹਿੰਮ ਦੇ 545ਵੇਂ ਦਿਨ ਪੁਲਿਸ ਟੀਮਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਰਵਾਈ ਕਰਦਿਆਂ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲਿਸ ਨੇ 3.9 ਕਿਲੋਗ੍ਰਾਮ ਹੈਰੋਇਨ, 10 ਕਿਲੋਗ੍ਰਾਮ ਭੁੱਕੀ, 80 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਅਨੁਸਾਰ, ਇਸ ਕਾਰਵਾਈ ਨਾਲ ਪਿਛਲੇ 545 ਦਿਨਾਂ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 76,605 ਤੱਕ ਪਹੁੰਚ ਗਈ ਹੈ।

ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਵੀ ਪੁਲਿਸ ਦੀ ਪਹਿਲ

ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਵੀ ਕਦਮ ਚੁੱਕਣ ਦੀ ਗੱਲ ਕਹੀ ਹੈ। ਇਸ ਮੁਹਿੰਮ ਤਹਿਤ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ।

ਪੰਜਾਬ ਪੁਲਿਸ ਨੇ ਦੋਵੇਂ ਮੁਹਿੰਮਾਂ ਤਹਿਤ ਆਪਣੀ ਕਾਰਵਾਈ ਜਾਰੀ ਰੱਖਣ ਅਤੇ ਸੂਬੇ ਵਿੱਚ ਗੈਂਗਸਟਰ ਨੈੱਟਵਰਕ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਗੱਲ ਦੁਹਰਾਈ ਹੈ।

Leave a Reply

Your email address will not be published. Required fields are marked *