
ਚੰਡੀਗੜ੍ਹ, 12 ਅਕਤੂਬਰ 2026: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਸ ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਅੱਜ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਅੰਤਿਮ ਸੂਚੀ ਅਨੁਸਾਰ ਪੰਜਾਬ ਵਿੱਚ ਕੁੱਲ 2,01,00,727 ਵੋਟਰ ਦਰਜ ਕੀਤੇ ਗਏ ਹਨ। ਇਹ ਗਿਣਤੀ ਖਰੜਾ ਵੋਟਰ ਸੂਚੀ ਦੇ ਮੁਕਾਬਲੇ 3.64 ਫ਼ੀਸਦੀ ਵੱਧ ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ, ਆਈ.ਏ.ਐੱਸ. ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ 14 ਮਈ 2026 ਦੇ ਨੋਟੀਫਿਕੇਸ਼ਨ ਦੇ ਮੱਦੇਨਜ਼ਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ 25 ਜੂਨ 2026 ਨੂੰ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਪ੍ਰਕਿਰਿਆ ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਚੋਣ ਵਿਭਾਗ ਵੱਲੋਂ ਪੂਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਵੇਰਵਿਆਂ ਦੀ ਜਾਂਚ, ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਯੋਗ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕਾਰਵਾਈ ਕੀਤੀ ਗਈ।
ਅੰਤਿਮ ਵੋਟਰ ਸੂਚੀ ਵਿੱਚ 2.01 ਕਰੋੜ ਤੋਂ ਵੱਧ ਵੋਟਰ
ਮੁੱਖ ਚੋਣ ਅਫ਼ਸਰ ਅਨੁਸਾਰ, ਅੰਤਿਮ ਵੋਟਰ ਸੂਚੀਆਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓ.), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਕੋਲ ਉਪਲਬਧ ਹਨ। ਵੋਟਰ ਇਨ੍ਹਾਂ ਸੂਚੀਆਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ www.ceopunjab.gov.in ਅਤੇ ਭਾਰਤੀ ਚੋਣ ਕਮਿਸ਼ਨ ਦੇ ਵੋਟਰ ਸੇਵਾ ਪੋਰਟਲ voters.eci.gov.in ਤੋਂ ਵੀ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।
ਅੰਤਿਮ ਸੂਚੀ ਵਿੱਚ ਦਰਜ ਕੁੱਲ 2,01,00,727 ਵੋਟਰਾਂ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਪਹਿਲਾਂ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਖਰੜਾ ਵੋਟਰ ਸੂਚੀ ਵਿੱਚ ਕੁੱਲ 1,93,94,435 ਵੋਟਰ ਦਰਜ ਸਨ। ਇਸ ਤਰ੍ਹਾਂ ਖਰੜਾ ਸੂਚੀ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਕੀਤੀ ਗਈ ਜਾਂਚ
ਵਿਸ਼ੇਸ਼ ਗਹਿਰੀ ਸੁਧਾਈ ਤਹਿਤ 25 ਜੂਨ ਤੋਂ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਇਕੱਠੇ ਕਰਨ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੂਥ ਲੈਵਲ ਅਫ਼ਸਰਾਂ ਨੇ ਰਜਿਸਟਰਡ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਅਤੇ ਭਰੇ ਹੋਏ ਫਾਰਮ ਵਾਪਸ ਇਕੱਠੇ ਕੀਤੇ।
ਚੋਣ ਵਿਭਾਗ ਵੱਲੋਂ 13 ਅਗਸਤ ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ, ਜਿਸ ਤੋਂ ਬਾਅਦ ਨਾਗਰਿਕਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਦਾ ਮੌਕਾ ਦਿੱਤਾ ਗਿਆ। ਇਸ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਖਰੜਾ ਸੂਚੀ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਸਨ, ਤਾਂ ਜੋ ਉਹ ਆਪਣੇ ਪੱਧਰ ’ਤੇ ਵੋਟਰਾਂ ਦੇ ਵੇਰਵਿਆਂ ਦੀ ਪੜਤਾਲ ਕਰ ਸਕਣ।
ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਲਈ ਵਿਸ਼ੇਸ਼ ਪ੍ਰਬੰਧ
13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ ਦੌਰਾਨ ਵੋਟਰਾਂ ਨੂੰ ਆਪਣੇ ਨਾਂ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਅਰਜ਼ੀਆਂ ਆਨਲਾਈਨ, ਈਸੀਆਈਨੈੱਟ ਮੋਬਾਈਲ ਐਪ, ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਰਾਹੀਂ ਪ੍ਰਾਪਤ ਕੀਤੀਆਂ ਗਈਆਂ।
ਇਸ ਦੌਰਾਨ ਮੁੱਖ ਚੋਣ ਅਫ਼ਸਰ, ਪੰਜਾਬ, 19 ਰੋਲ ਆਬਜ਼ਰਵਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਪਰ-ਚੈਕਿੰਗ ਵੀ ਕੀਤੀ। ਚੋਣ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ, ਤਾਂ ਜੋ ਵੋਟਰ ਸੂਚੀਆਂ ਦੀ ਤਿਆਰੀ ਦੌਰਾਨ ਪਾਰਦਰਸ਼ਤਾ ਅਤੇ ਸਹੀ ਤੱਥਾਂ ਨੂੰ ਯਕੀਨੀ ਬਣਾਇਆ ਜਾ ਸਕੇ।
13 ਅਗਸਤ ਤੋਂ 8 ਅਕਤੂਬਰ 2026 ਤੱਕ ਨੋਟਿਸ ਜਾਰੀ ਕਰਨ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦਾ ਪੜਾਅ ਚੱਲਿਆ। ਇਸ ਦੌਰਾਨ ਅਣ-ਮੈਪਡ ਵੋਟਰਾਂ ਅਤੇ ਵੇਰਵਿਆਂ ਵਿੱਚ ਤਰੁੱਟੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਈ.ਆਰ.ਓਜ਼ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪਿੰਡ ਪੱਧਰ ’ਤੇ ਸੁਣਵਾਈਆਂ ਕੀਤੀਆਂ ਗਈਆਂ। ਸਬੰਧਤ ਦਸਤਾਵੇਜ਼ਾਂ ਅਤੇ ਬੀ.ਐਲ.ਓਜ਼ ਦੀਆਂ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਫ਼ੈਸਲੇ ਲਏ ਗਏ।
35.49 ਲੱਖ ਵੋਟਰਾਂ ਨੂੰ ਨੋਟਿਸ, 86,038 ਨੂੰ ਅਯੋਗ ਕਰਾਰ
ਮੁੱਖ ਚੋਣ ਅਫ਼ਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਨੋਟਿਸ ਜਾਰੀ ਕੀਤੇ ਗਏ ਕੁੱਲ 35,49,036 ਵੋਟਰਾਂ ਵਿੱਚੋਂ 86,038 ਵੋਟਰਾਂ ਨੂੰ ਵਿਸਤ੍ਰਿਤ ਪੜਤਾਲ ਅਤੇ ਕਾਰਨਾਂ ਸਮੇਤ ਜਾਰੀ ਕੀਤੇ ਗਏ ਹੁਕਮਾਂ (Speaking Orders) ਰਾਹੀਂ ਅਯੋਗ ਕਰਾਰ ਦਿੱਤਾ ਗਿਆ।
ਚੋਣ ਵਿਭਾਗ ਨੇ ਦੱਸਿਆ ਕਿ ਨੋਟਿਸਾਂ ਅਤੇ ਸੁਣਵਾਈਆਂ ਦੇ ਪੜਾਅ ਦੌਰਾਨ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੁਚਾਰੂ ਪ੍ਰਬੰਧ ਕੀਤੇ ਗਏ ਸਨ। ਪਾਰਦਰਸ਼ਤਾ ਅਤੇ ਕਾਰਜਕੁਸ਼ਲਤਾ ਵਧਾਉਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਦਸਤਾਵੇਜ਼ ਤਸਦੀਕ ਟੀਮਾਂ ਵੀ ਬਣਾਈਆਂ ਗਈਆਂ ਸਨ।
ਇਸ ਦੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਥਾਪਿਤ ਕੀਤੀ ਗਈ। ਜ਼ਿਲ੍ਹਾ ਸ਼ਿਕਾਇਤ ਅਫ਼ਸਰਾਂ ਵੱਲੋਂ ਵੋਟਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ, ਜਦਕਿ 1950 ਹੈਲਪਲਾਈਨ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸਹਾਇਤਾ ਮੁਹੱਈਆ ਕਰਵਾਈ ਗਈ। ਵੋਟਰਾਂ ਦੀ ਮਦਦ ਲਈ ਈ.ਆਰ.ਓ. ਅਤੇ ਡੀ.ਈ.ਓ. ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਸਨ।
ਸਿਆਸੀ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਦੇ ਸਹਿਯੋਗ ਦੀ ਸ਼ਲਾਘਾ
ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਮੌਕੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਸਾਫਟ ਕਾਪੀਆਂ ਸੌਂਪੀਆਂ ਗਈਆਂ।
ਅਨਿੰਦਿਤਾ ਮਿਤਰਾ ਨੇ ਇਸ ਪੂਰੀ ਪ੍ਰਕਿਰਿਆ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੂਬੇ ਭਰ ਵਿੱਚ ਤਾਇਨਾਤ 89,395 ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਸਰਗਰਮ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਭਾਈਵਾਲਾਂ ਦੇ ਸਹਿਯੋਗ ਨਾਲ ਇਹ ਕੰਮ ਨੇਪਰੇ ਚੜ੍ਹ ਸਕਿਆ।
ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋਈ
ਵੋਟਰਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤ ਪੁਨਰਗਠਨ (Rationalisation) ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ।
ਇਸ ਤੋਂ ਇਲਾਵਾ, ਸਰਵਿਸ ਵੋਟਰਾਂ ਨਾਲ ਸਬੰਧਤ ਵਿਸ਼ੇਸ਼ ਸੰਖੇਪ ਸੁਧਾਈ (Special Summary Revision) ਦੀ ਅੰਤਿਮ ਵੋਟਰ ਸੂਚੀ ਵੀ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਅੱਜ ਪ੍ਰਕਾਸ਼ਿਤ ਕੀਤੀ ਗਈ ਹੈ।
ਵੋਟਰ ਜਾਗਰੂਕਤਾ ਲਈ ਸਵੀਪ ਮੁਹਿੰਮ ਚਲਾਈ
ਵੋਟਰਾਂ ਨੂੰ ਆਪਣੇ ਅਧਿਕਾਰਾਂ ਅਤੇ ਵੋਟਰ ਸੂਚੀਆਂ ਦੀ ਜਾਂਚ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ ਇੱਕ ਮਹੀਨੇ ਤੱਕ ਸਵੀਪ (Systematic Voters’ Education and Electoral Participation) ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ 23 ਜੂਨ ਨੂੰ ਵਿਸ਼ੇਸ਼ ਗਹਿਰੀ ਸੁਧਾਈ ਬਾਰੇ ਜਾਗਰੂਕਤਾ ਪ੍ਰੋਗਰਾਮ ਦੌਰਾਨ 2,000 ਤੋਂ ਵੱਧ ਨੌਜਵਾਨਾਂ ਨੇ ਮਨੁੱਖੀ ਲੜੀ ਬਣਾਈ। ਇਸ ਤੋਂ ਇਲਾਵਾ ਮਹੱਤਵਪੂਰਨ ਤਾਰੀਖਾਂ ’ਤੇ ਐੱਸ.ਐੱਮ.ਐੱਸ. ਅਲਰਟ, ਰੇਡੀਓ ਜਿੰਗਲਜ਼, ਈ-ਰਿਕਸ਼ਿਆਂ ਰਾਹੀਂ ਆਡੀਓ ਸੰਦੇਸ਼ ਅਤੇ ਬੀ.ਐਲ.ਓਜ਼ ਵੱਲੋਂ ਮੁਨਾਦੀ ਕਰਵਾ ਕੇ ਲੋਕਾਂ ਤੱਕ ਜਾਣਕਾਰੀ ਪਹੁੰਚਾਈ ਗਈ।
ਸਕੂਲਾਂ ਅਤੇ ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਪੋਸਟਰ ਮੇਕਿੰਗ, ਵਿਚਾਰ-ਵਟਾਂਦਰਾ ਮੁਕਾਬਲੇ, ਸੈਮੀਨਾਰ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਬੈਂਕਾਂ ਵਿੱਚ ਵੀ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ। ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਸਵੀਪ ਆਈਕਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕਰਕੇ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਵੋਟਰਾਂ ਦੀ ਸਹੂਲਤ ਲਈ 7 ਜੂਨ, 11 ਅਤੇ 12 ਜੁਲਾਈ, 19 ਜੁਲਾਈ ਅਤੇ 16 ਅਗਸਤ 2026 ਨੂੰ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਨੌਜਵਾਨਾਂ ਦੇ ਨਾਂ ਵੋਟਰ ਸੂਚੀਆਂ ਵਿੱਚ ਦਰਜ ਕਰਨ ਲਈ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ।
ਯੋਗ ਵਿਅਕਤੀ ਅਜੇ ਵੀ ਕਰਵਾ ਸਕਦੇ ਹਨ ਵੋਟ ਦਰਜ
ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਮਸ਼ੀਨਰੀ, ਵੋਟਰਾਂ ਅਤੇ ਸਾਰੀਆਂ ਸਬੰਧਤ ਧਿਰਾਂ ਦੇ ਸਹਿਯੋਗ ਨਾਲ ਇਹ ਪ੍ਰਕਿਰਿਆ ਮੁਕੰਮਲ ਹੋਈ ਹੈ।
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਹੜੇ ਯੋਗ ਨਾਗਰਿਕ ਕਿਸੇ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਨਹੀਂ ਕਰਵਾ ਸਕੇ ਜਾਂ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣਾ ਚਾਹੁੰਦੇ ਹਨ, ਉਹ ਅਜੇ ਵੀ ਅਰਜ਼ੀ ਦੇ ਸਕਦੇ ਹਨ। ਇਸ ਲਈ ਈਸੀਆਈਨੈੱਟ ਐਪ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਫਾਰਮ ਨੰਬਰ 6 ਜਮ੍ਹਾਂ ਕਰਵਾਇਆ ਜਾ ਸਕਦਾ ਹੈ।
ਵੋਟਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਅਤੇ ਹੋਰ ਵੇਰਵੇ ਜ਼ਰੂਰ ਚੈੱਕ ਕਰਨ, ਤਾਂ ਜੋ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
