
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਕਰਵਾਈ ਗਈ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਦੌਰਾਨ ਪੰਜਾਬ ਵਿੱਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ, ਨਵੀਨ ਉਪਰਾਲਿਆਂ ਅਤੇ ਕਮਿਸ਼ਨ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਵਿਸਥਾਰ ਨਾਲ ਸਾਂਝਾ ਕੀਤਾ।
ਦੇਸ਼ ਭਰ ਤੋਂ ਆਏ ਖੁਰਾਕ ਸੁਰੱਖਿਆ ਮਾਹਿਰਾਂ, ਨੀਤੀ ਨਿਰਮਾਤਾਵਾਂ ਅਤੇ ਵੱਖ-ਵੱਖ ਰਾਜਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਹੁਣ ਸਮਾਂ ਸਿਰਫ਼ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਨਹੀਂ, ਸਗੋਂ ਲੋਕਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਉਪਲਬਧ ਕਰਵਾ ਕੇ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਮਹਿਲਾਵਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਿਹਤ ਵਿੱਚ ਸੁਧਾਰ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਾਲੇ ਪ੍ਰਭਾਵਸ਼ਾਲੀ ਤਾਲਮੇਲ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਾਂਝੇ ਯਤਨਾਂ ਨਾਲ ਹੀ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਅਸਲ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ। ਇਸ ਤਰ੍ਹਾਂ ਦੀ ਅੰਤਰ-ਵਿਭਾਗੀ ਸਾਂਝ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅਪ੍ਰੈਲ 2025 ਵਿੱਚ ਪੋਸ਼ਣ ਸੁਰੱਖਿਆ ਵਿਸ਼ੇ ’ਤੇ ਇੱਕ ਉੱਚ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਖੇਤੀਬਾੜੀ, ਬਾਗਬਾਨੀ, ਜੰਗਲਾਤ, ਆਯੁਰਵੇਦ, ਸਿਹਤ ਅਤੇ ਪੋਸ਼ਣ ਨਾਲ ਸਬੰਧਤ ਵੱਖ-ਵੱਖ ਖੇਤਰਾਂ ਦੇ 39 ਮਾਹਿਰਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਖੁਰਾਕ ਸਕੱਤਰ ਬੀ.ਸੀ. ਗੁਪਤਾ ਨੇ ਕੀਤੀ ਸੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਲਾਗੂ ਕੀਤਾ ਗਿਆ ਸੀ। ਵਰਕਸ਼ਾਪ ਵਿੱਚ ਮਿਲੇ ਸੁਝਾਵਾਂ ਦੇ ਆਧਾਰ ’ਤੇ ਕਮਿਸ਼ਨ ਨੇ ਕਈ ਨੀਤੀਗਤ ਸਿਫ਼ਾਰਸ਼ਾਂ ਤਿਆਰ ਕਰਕੇ ਸਰਕਾਰ ਨੂੰ ਭੇਜੀਆਂ, ਜਿਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਚੇਅਰਮੈਨ ਨੇ ਕਿਹਾ ਕਿ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਮਈ 2025 ਵਿੱਚ ਸਰਕਾਰੀ ਸਕੂਲਾਂ ਨੂੰ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਵਾਟਿਕਾਵਾਂ) ਸਥਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਹ ਵਾਟਿਕਾਵਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਵਿਗਿਆਨਕ ਡਿਜ਼ਾਈਨ ਅਨੁਸਾਰ ਵਿਕਸਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਹਰੇਕ ਨਿਊਟ੍ਰੀਸ਼ਨ ਗਾਰਡਨ ਵਿੱਚ 21 ਕਿਸਮਾਂ ਦੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਔਸ਼ਧੀ ਗੁਣਾਂ ਵਾਲੀਆਂ ਜੜੀ-ਬੂਟੀਆਂ ਅਤੇ ਮੌਸਮੀ ਸਬਜ਼ੀਆਂ ਦੀ ਕਾਸ਼ਤ ਵੀ ਕੀਤੀ ਜਾ ਰਹੀ ਹੈ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇ ਨਾਲ-ਨਾਲ ਕੁਦਰਤੀ ਖੇਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਵਿਹਾਰਕ ਜਾਣਕਾਰੀ ਵੀ ਮਿਲ ਸਕੇ।
ਇਸੇ ਤਰ੍ਹਾਂ ਇੱਕ ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਵੱਧ ਖੇਤਰਫਲ ਵਾਲੇ ਆਂਗਨਵਾੜੀ ਕੇਂਦਰਾਂ ਵਿੱਚ ਵੀ ਪੋਸ਼ਣ ਵਾਟਿਕਾਵਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦਾ ਉਦੇਸ਼ ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੌਸ਼ਟਿਕ ਫਲ ਅਤੇ ਸਬਜ਼ੀਆਂ ਦੀ ਮਹੱਤਤਾ ਨਾਲ ਜੋੜਨਾ ਅਤੇ ਸਥਾਨਕ ਪੱਧਰ ’ਤੇ ਪੋਸ਼ਣ ਨੂੰ ਉਤਸ਼ਾਹਿਤ ਕਰਨਾ ਹੈ।
ਕਮਿਸ਼ਨ ਵੱਲੋਂ ਮਾਡਲ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਲੱਖਣ ਪਹਿਲ ਵੀ ਕੀਤੀ ਗਈ ਹੈ। ਇਸ ਤਹਿਤ ਕਮਿਸ਼ਨ ਦੇ ਚਾਰ ਮੈਂਬਰਾਂ ਨੂੰ ਛੇ-ਛੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਹਰ ਮੈਂਬਰ ਨੂੰ ਆਪਣੇ ਅਧੀਨ ਆਉਂਦੇ ਜ਼ਿਲ੍ਹੇ ਵਿੱਚ ਇੱਕ ਸਕੂਲ ਗੋਦ ਲੈ ਕੇ ਉੱਥੇ ਆਦਰਸ਼ ਨਿਊਟ੍ਰੀਸ਼ਨ ਗਾਰਡਨ ਵਿਕਸਤ ਕਰਨ ਲਈ ਕਿਹਾ ਗਿਆ ਹੈ। ਇਸ ਪਹਿਲ ਦਾ ਮਕਸਦ ਸੂਬੇ ਭਰ ਵਿੱਚ ਹੋਰ ਸਕੂਲਾਂ ਲਈ ਪ੍ਰੇਰਣਾਦਾਇਕ ਮਾਡਲ ਤਿਆਰ ਕਰਨਾ ਹੈ।
ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਪ੍ਰਵਾਸੀ ਪੰਜਾਬੀਆਂ (ਐਨਆਰਆਈਜ਼) ਅਤੇ ਕਾਰਪੋਰੇਟ ਅਦਾਰਿਆਂ ਤੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਤਹਿਤ ਸਹਿਯੋਗ ਵੀ ਪ੍ਰਾਪਤ ਕਰ ਰਿਹਾ ਹੈ। ਇਸ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਸਟੀਲ ਦੇ ਵਾਸ਼ਬੇਸਨ, ਡੈਸਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਮਿਸ਼ਨ ਸਕੂਲੀ ਬੱਚਿਆਂ ਦੀ ਦੰਦਾਂ ਦੀ ਸਿਹਤ, ਆਮ ਸਿਹਤ ਜਾਂਚ ਅਤੇ ਸਫ਼ਾਈ ਸਬੰਧੀ ਜਾਗਰੂਕਤਾ ਮੁਹਿੰਮਾਂ ਵੀ ਚਲਾ ਰਿਹਾ ਹੈ। ਇਸ ਦੇ ਨਾਲ ਹੀ ਮਿਡ-ਡੇਅ ਮੀਲ ਤਿਆਰ ਕਰਨ ਵਾਲੇ ਰਸੋਈਏ ਅਤੇ ਸਹਾਇਕਾਂ ਨੂੰ ਸਫ਼ਾਈ, ਸੁਰੱਖਿਅਤ ਭੋਜਨ ਤਿਆਰ ਕਰਨ ਦੇ ਤਰੀਕਿਆਂ ਅਤੇ ਪੋਸ਼ਣ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਸਕੂਲੀ ਬੱਚਿਆਂ ਨੂੰ ਉੱਚ ਗੁਣਵੱਤਾ ਵਾਲਾ ਅਤੇ ਪੌਸ਼ਟਿਕ ਭੋਜਨ ਮਿਲ ਸਕੇ।
ਲੋਕਾਂ ਵਿੱਚ ਸਿਹਤਮੰਦ ਖੁਰਾਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ਵਿੱਚ ‘ਈਟ ਰਾਈਟ ਮੇਲੇ’ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਲੋਕਾਂ ਨੂੰ ਸੰਤੁਲਿਤ ਖੁਰਾਕ, ਪੌਸ਼ਟਿਕ ਭੋਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕਾਨਫਰੰਸ ਦੌਰਾਨ ਬਾਲ ਮੁਕੰਦ ਸ਼ਰਮਾ ਨੇ ਨੀਤੀ ਆਯੋਗ ਦੇ ਸਾਬਕਾ ਮੈਂਬਰ ਡਾ. ਰਮੇਸ਼ ਚੰਦ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ, ਨਵੀਨ ਉਪਰਾਲਿਆਂ ਅਤੇ ਮਹੱਤਵਪੂਰਨ ਪ੍ਰਾਪਤੀਆਂ ਨੂੰ ਦਰਸਾਉਂਦੀ ਕੌਫੀ ਟੇਬਲ ਬੁੱਕ ਭੇਟ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵੀ.ਕੇ. ਮਲਹੋਤਰਾ ਸਮੇਤ ਵੱਖ-ਵੱਖ ਰਾਜਾਂ ਦੇ ਖੁਰਾਕ ਕਮਿਸ਼ਨਾਂ ਦੇ ਨੁਮਾਇੰਦੇ, ਮਾਹਿਰ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
