
ਦਿੱਲੀ, 14 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਆਯੋਜਿਤ ‘ਭਾਰਤ ਟੈਕਸਟਾਈਲ ਐਕਸਪੋ’ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ ਤੋਂ ਪਹੁੰਚੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ‘ਈਜ਼ ਆਫ਼ ਡੂਇੰਗ ਬਿਜ਼ਨਸ’ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ ਅਤੇ ਉਦਯੋਗਾਂ ਲਈ ਇੱਕ ਭਰੋਸੇਯੋਗ ਅਤੇ ਅਨੁਕੂਲ ਮੰਜ਼ਿਲ ਵਜੋਂ ਉਭਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਕਾਰੋਬਾਰ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਗਏ ਹਨ। ‘ਹਰਾ ਸਟੈਂਪ ਪੇਪਰ’ ਵਰਗੀਆਂ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆਵਾਂ, ਨਿਰਵਿਘਨ ਬਿਜਲੀ ਸਪਲਾਈ, ਸਰਲ ਮਨਜ਼ੂਰੀ ਪ੍ਰਣਾਲੀ ਅਤੇ ਉਦਯੋਗ-ਪੱਖੀ ਨੀਤੀਆਂ ਕਾਰਨ ਪੰਜਾਬ ਨਿਵੇਸ਼ ਲਈ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਨੂੰ ਲਗਭਗ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ ਕਰੀਬ 5 ਲੱਖ ਨਵੇਂ ਰੋਜ਼ਗਾਰ ਦੇ ਮੌਕੇ ਸਿਰਜਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਤੇਜ਼ੀ ਨਾਲ ਆਈਟੀ, ਇਲੈਕਟ੍ਰਾਨਿਕਸ ਅਤੇ ਨਵੀਨਤਾਕਾਰੀ ਉਦਯੋਗਾਂ ਦਾ ਕੇਂਦਰ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਭਾਰਤ ਦੀ ਅਗਲੀ ‘ਸਿਲੀਕਾਨ ਵੈਲੀ’ ਵਜੋਂ ਆਪਣੀ ਵੱਖਰੀ ਪਛਾਣ ਬਣਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸਿਰਫ਼ ਨਿਵੇਸ਼ਕ ਨਹੀਂ, ਸਗੋਂ ਪੰਜਾਬ ਦੀ ਆਰਥਿਕ ਤਰੱਕੀ ਦੇ ਅਹਿਮ ਭਾਈਵਾਲ ਅਤੇ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਦਯੋਗਾਂ ਨੂੰ ਹਰ ਸੰਭਵ ਸਹਿਯੋਗ, ਪਾਰਦਰਸ਼ੀ ਪ੍ਰਸ਼ਾਸਨ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਪੰਜਾਬ ਦੇਸ਼ ਦਾ ਸਭ ਤੋਂ ਤੇਜ਼ੀ ਨਾਲ ਵਿਕਸਤ ਹੋਣ ਵਾਲਾ ਉਦਯੋਗਿਕ ਸੂਬਾ ਬਣ ਸਕੇ।
