Saturday, May 23Punjabi People

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਦਾ ਸਿਹਤ ਸੰਭਾਲ ਢਾਂਚਾ ਹੋਰ ਹੋਵੇਗਾ ਮਜ਼ਬੂਤ

ਚੰਡੀਗੜ੍ਹ, 5 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦੇ ਤਹਿਤ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।

ਇਸ ਯੋਜਨਾ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ, ਜਦਕਿ ਦੋ ਕਾਲਜ ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮਾਡਲ ਰਾਹੀਂ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਤਿੰਨ ਮੈਡੀਕਲ ਕਾਲਜ ਨਿੱਜੀ ਅਤੇ ਘੱਟ ਗਿਣਤੀ ਸੰਸਥਾਵਾਂ ਦੀ ਭਾਗੀਦਾਰੀ ਨਾਲ ਵਿਕਸਤ ਕੀਤੇ ਜਾਣਗੇ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਨਿਰਮਾਣ ਦਾ ਕੰਮ 20 ਮਾਰਚ 2026 ਤੋਂ ਸ਼ੁਰੂ ਹੋਵੇਗਾ। 24 ਮਹੀਨਿਆਂ ਵਿੱਚ ਤਿਆਰ ਹੋਣ ਵਾਲਾ ਇਹ ਸੰਸਥਾਨ ਮਾਰਚ 2028 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ 274.75 ਕਰੋੜ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਮਿਲ ਚੁੱਕੀ ਹੈ। ਇਸ ਪ੍ਰਾਜੈਕਟ ਦੇ ਤਹਿਤ 300 ਬਿਸਤਰਿਆਂ ਵਾਲੇ ਹਸਪਤਾਲ ਦੇ ਨਾਲ ਮੈਡੀਕਲ ਕਾਲਜ ਵੀ ਬਣਾਇਆ ਜਾਵੇਗਾ, ਜਿਸ ਵਿੱਚ ਹਰ ਸਾਲ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ-ਕਮ-ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਅਮਿਤ ਤਲਵਾੜ ਅਤੇ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਅਨੁਮਾਨਾਂ ਦੀ ਗਹਿਰਾਈ ਨਾਲ ਸਮੀਖਿਆ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਜੈਕਟ ਦੀ ਅਨੁਮਾਨਤ ਲਾਗਤ, ਜੋ ਪਹਿਲਾਂ ਲਗਭਗ 550 ਕਰੋੜ ਰੁਪਏ ਸੀ, ਨੂੰ ਘਟਾ ਕੇ ਕਰੀਬ 274 ਕਰੋੜ ਰੁਪਏ ਕਰ ਦਿੱਤਾ ਹੈ। ਇਸ ਤਰ੍ਹਾਂ ਲਗਭਗ 250 ਕਰੋੜ ਰੁਪਏ ਦੇ ਜਨਤਕ ਫੰਡਾਂ ਦੀ ਬਚਤ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਇਸ ਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ। ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਪੀਪੀਪੀ ਮਾਡਲ ਰਾਹੀਂ ਮੈਡੀਕਲ ਕਾਲਜ ਖੋਲ੍ਹਣ ਦੀ ਯੋਜਨਾ ਹੈ, ਜਿਨ੍ਹਾਂ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ।

ਇਸ ਤੋਂ ਇਲਾਵਾ ਲਹਿਰਾਗਾਗਾ ਵਿੱਚ ਜੈਨ ਸਮਾਜ ਵੱਲੋਂ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸ ਲਈ ਸਰਕਾਰ ਨੇ ਸਮਝੌਤਾ ਕਰਕੇ ਜ਼ਮੀਨ ਲੀਜ਼ ’ਤੇ ਦਿੱਤੀ ਹੈ। ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਵੱਲੋਂ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਲੁਧਿਆਣਾ ਦੇ ਨੇੜੇ ਵੀ ਇੱਕ ਨਿੱਜੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਬਣਨ ਨਾਲ ਮੈਡੀਕਲ ਸਿੱਖਿਆ ਦੀ ਸਮਰੱਥਾ ਵਿੱਚ ਵੱਡਾ ਵਾਧਾ ਹੋਵੇਗਾ ਅਤੇ ਸਥਾਨਕ ਵਿਦਿਆਰਥੀਆਂ ਨੂੰ ਮੈਡੀਕਲ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 13 ਮੈਡੀਕਲ ਕਾਲਜ ਹਨ ਜਿਨ੍ਹਾਂ ਵਿੱਚ ਕਰੀਬ 1900 ਐਮਬੀਬੀਐਸ ਸੀਟਾਂ ਹਨ, ਜਦਕਿ ਨਵੇਂ ਕਾਲਜਾਂ ਨਾਲ ਲਗਭਗ 600 ਹੋਰ ਸੀਟਾਂ ਵਧਣਗੀਆਂ।

ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਦੇ ਪੱਧਰ ਤੱਕ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਬਣ ਰਹੇ ਇੰਸਟੀਚਿਊਟ ਵਿੱਚ ਪੰਜ ਮੰਜ਼ਿਲਾਂ ਵਾਲਾ ਹਸਪਤਾਲ ਅਤੇ ਤਿੰਨ ਮੰਜ਼ਿਲਾਂ ਵਾਲੀ ਮੈਡੀਕਲ ਕਾਲਜ ਇਮਾਰਤ ਸ਼ਾਮਲ ਹੋਵੇਗੀ। ਇਹ ਸੰਸਥਾਨ ਆਧੁਨਿਕ ਲੈਬੋਰਟਰੀਆਂ, ਲਾਇਬ੍ਰੇਰੀ ਅਤੇ 500 ਸੀਟਾਂ ਵਾਲੇ ਆਡੀਟੋਰੀਅਮ ਨਾਲ ਲੈਸ ਹੋਵੇਗਾ। ਇਸ ਦੇ ਨਾਲ-ਨਾਲ ਆਈਸੀਯੂ, ਜਨਰਲ ਸਰਜਰੀ, ਆਰਥੋਪੈਡਿਕਸ ਅਤੇ ਮਨੋਵਿਗਿਆਨ ਵਰਗੀਆਂ ਵਿਭਾਗੀ ਸੇਵਾਵਾਂ ਦੇ ਨਾਲ ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੋਸਟਿਕ ਸਹੂਲਤਾਂ ਵੀ ਉਪਲਬਧ ਹੋਣਗੀਆਂ।

Leave a Reply

Your email address will not be published. Required fields are marked *