
ਫਗਵਾੜਾ, 28 ਸਤੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਕੈਂਪਸ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਮਾਹੌਲ ਨੂੰ ਸ਼ਾਂਤ ਕਰਨ ਲਈ ਪ੍ਰਸ਼ਾਸਨ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਯੂਨੀਵਰਸਿਟੀ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਕਥਿਤ ਤੌਰ ’ਤੇ ਭੜਕਾਊ ਵੀਡੀਓਜ਼ ਅਤੇ ਹੋਰ ਸਮੱਗਰੀ ਦੇ ਤੇਜ਼ੀ ਨਾਲ ਪ੍ਰਸਾਰ ਨੂੰ ਰੋਕਣ ਅਤੇ ਸਥਿਤੀ ਨੂੰ ਹੋਰ ਤਣਾਅਪੂਰਨ ਹੋਣ ਤੋਂ ਬਚਾਉਣ ਲਈ ਲਿਆ ਗਿਆ ਹੈ।
ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਘਟਨਾ ਦਾ ਨੋਟਿਸ
LPU ਵਿੱਚ ਵਾਪਰੀ ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਤੋਂ ਮਾਮਲੇ ਸਬੰਧੀ ਵਿਸਤ੍ਰਿਤ ਜਾਣਕਾਰੀ ਤਲਬ ਕੀਤੀ ਹੈ।
ਕਮਿਸ਼ਨ ਨੇ ਅਧਿਕਾਰੀਆਂ ਤੋਂ ਦਰਜ ਕੀਤੀ ਗਈ FIR ਦੀ ਕਾਪੀ, ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਸਬੰਧੀ ਵੇਰਵੇ ਅਤੇ ਹੁਣ ਤੱਕ ਕੀਤੀ ਗਈ ਜਾਂਚ ਦੀ ਪ੍ਰਗਤੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਵਿਦਿਆਰਥਣਾਂ ਦੇ ਹੋਸਟਲ ਵਿੱਚ ਮੌਜੂਦਾ ਸੁਰੱਖਿਆ ਪ੍ਰਬੰਧਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ।
CM ਭਗਵੰਤ ਮਾਨ ਨੇ ਵੀ ਲਿਆ ਘਟਨਾ ਦਾ ਨੋਟਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ LPU ਵਿੱਚ ਵਾਪਰੀ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਪੁਲਿਸ ਮੁਖੀ (DGP) ਗੌਰਵ ਯਾਦਵ ਨੇ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ।
DGP ਨੇ ਕੈਂਪਸ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲਿਸ ਵੱਲੋਂ ਸਥਿਤੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਘਟਨਾ ਨਾਲ ਜੁੜੇ ਤੱਥਾਂ ਅਤੇ ਜਾਂਚ ਦੇ ਪੱਖਾਂ ਨੂੰ ਵੀ ਵੇਖਿਆ ਜਾ ਰਿਹਾ ਹੈ।
LPU 10 ਦਿਨਾਂ ਲਈ ਬੰਦ, ਵਿਦਿਆਰਥੀ ਘਰਾਂ ਨੂੰ ਪਰਤੇ
ਘਟਨਾ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ LPU ਨੂੰ 10 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮਾਪਿਆਂ ਨਾਲ ਸੰਪਰਕ ਕਰਕੇ ਘਰ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਬਾਅਦ ਕਈ ਵਿਦਿਆਰਥੀ ਕੈਂਪਸ ਤੋਂ ਆਪਣੇ ਘਰਾਂ ਵੱਲ ਰਵਾਨਾ ਹੋ ਰਹੇ ਹਨ।
ਇਸ ਦੇ ਨਾਲ ਹੀ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਕੈਂਪਸ ਵਿੱਚ ਆਮ ਮਾਹੌਲ ਬਹਾਲ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਜਦਕਿ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਵੀ ਮਾਮਲੇ ਸਬੰਧੀ ਮੰਗੀ ਗਈ ਜਾਣਕਾਰੀ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ।
