
ਚੰਡੀਗੜ੍ਹ/ਧੂਰੀ, 30 ਜੂਨ 2026: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਐਲਾਨੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਭਲਕੇ ਤੋਂ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਐਸਸੀ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਧੂਰੀ ਤੋਂ ਕੀਤੀ ਜਾਵੇਗੀ। ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਅਧੀਨ ਰਾਸ਼ੀ ਜਾਰੀ ਕਰਨ ਦੀ ਪ੍ਰਕਿਰਿਆ ਭਲਕੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਦੁਪਹਿਰ 12 ਵਜੇ ਤੋਂ ਬਾਅਦ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਦੇ ਅਨੁਸਾਰ, ਹੁਣ ਤੱਕ ਇਸ ਯੋਜਨਾ ਲਈ ਕਰੀਬ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ, ਜਦਕਿ ਬਾਕੀ ਯੋਗ ਔਰਤਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਰਜਿਸਟ੍ਰੇਸ਼ਨ ਪੂਰੀ ਹੁੰਦੀ ਜਾਵੇਗੀ, ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਮਿਲਦਾ ਰਹੇਗਾ।
ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਪਹਿਲੀ ਕਿਸ਼ਤ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀ ਰਕਮ ਇੱਕੋ ਵਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਇਸ ਤਹਿਤ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 3,000 ਰੁਪਏ, ਜਦਕਿ ਐਸਸੀ ਸ਼੍ਰੇਣੀ ਦੀਆਂ ਔਰਤਾਂ ਨੂੰ 4,500 ਰੁਪਏ ਇੱਕਮੁਸ਼ਤ ਪ੍ਰਾਪਤ ਹੋਣਗੇ।
ਸਰਕਾਰ ਦਾ ਮੰਨਣਾ ਹੈ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਨ੍ਹਾਂ ਨੂੰ ਘਰੇਲੂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ।
