
ਚੰਡੀਗੜ੍ਹ/ਲੁਧਿਆਣਾ, 21 ਮਈ 2026: ਪੰਜਾਬੀ ਸੰਗੀਤ ਜਗਤ ਨਾਲ ਜੁੜੀ ਗਾਇਕਾ Yashinder Kaur ਉਰਫ਼ ਇੰਦਰ ਕੌਰ ਦੀ ਮੌਤ ਦੇ ਮਾਮਲੇ ਨੇ ਹੁਣ ਗੰਭੀਰ ਮੋੜ ਲੈ ਲਿਆ ਹੈ। ਕੁਝ ਦਿਨ ਪਹਿਲਾਂ ਗਨ ਪੁਆਇੰਟ ‘ਤੇ ਕਿਡਨੈਪ ਕੀਤੀ ਗਈ ਗਾਇਕਾ ਦੀ ਲਾਸ਼ ਨੀਲੋਂ ਨਹਿਰ ਵਿਚੋਂ ਬਰਾਮਦ ਹੋਈ ਹੈ। ਲਾਸ਼ ਦੀ ਪਛਾਣ ਲਈ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ। ਫਿਲਹਾਲ ਲਾਸ਼ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਰੱਖਿਆ ਗਿਆ ਹੈ।
ਇਸ ਮਾਮਲੇ ਨੇ ਉਸ ਵੇਲੇ ਹੋਰ ਸਨਸਨੀਖੇਜ਼ ਰੂਪ ਧਾਰ ਲਿਆ ਸੀ ਜਦੋਂ ਪਰਿਵਾਰ ਨੇ ਦਾਅਵਾ ਕੀਤਾ ਕਿ 13 ਮਈ ਦੀ ਰਾਤ ਇੰਦਰ ਕੌਰ ਨੂੰ ਗਨ ਪੁਆਇੰਟ ‘ਤੇ ਇੱਕ ਕਾਰ ਵਿੱਚ ਜਬਰਦਸਤੀ ਅਗਵਾ ਕੀਤਾ ਗਿਆ ਸੀ। ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ 15 ਮਈ ਨੂੰ ਥਾਣਾ ਜਮਾਲਪੁਰ ਵਿੱਚ ਮੋਗਾ ਨਿਵਾਸੀ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਵਿਚਕਾਰ ਇੰਸਟਾਗ੍ਰਾਮ ਰਾਹੀਂ ਦੋਸਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਨੇ ਗਾਇਕਾ ਨਾਲ ਵਿਆਹ ਦੀ ਗੱਲ ਕੀਤੀ ਸੀ, ਪਰ ਜਦੋਂ ਇੰਦਰ ਕੌਰ ਨੂੰ ਪਤਾ ਲੱਗਾ ਕਿ ਉਹ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਬੱਚੇ ਵੀ ਹਨ, ਤਾਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਦਾ ਦਾਅਵਾ ਹੈ ਕਿ ਇਸੇ ਗੱਲ ਤੋਂ ਨਾਰਾਜ਼ ਹੋ ਕੇ ਸੁਖਵਿੰਦਰ ਨੇ ਗਾਇਕਾ ਦੀ ਹੱਤਿਆ ਕਰ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਦੇ ਪਿਤਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਮੁੱਖ ਦੋਸ਼ੀ ਸੁਖਵਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਕਰਮਜੀਤ ਦੀ ਨਿਸ਼ਾਨਦੇਹੀ ‘ਤੇ 16 ਮਈ ਨੂੰ ਇੰਦਰ ਕੌਰ ਦੀ ਕਾਰ ਨੀਲੋਂ ਨਹਿਰ ਵਿਚੋਂ ਬਰਾਮਦ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਕਤਲ ਦੇ ਸ਼ੱਕ ਨੇ ਹੋਰ ਗਹਿਰਾਈ ਫੜ ਲਈ।
ਪੁਲਿਸ ਮੁਤਾਬਕ, ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਕੁਝ ਸਮਾਂ ਪਹਿਲਾਂ ਨੇਪਾਲ ਰਾਹੀਂ ਭਾਰਤ ਆਇਆ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਬਾਅਦ ਉਹ ਮੁੜ ਨੇਪਾਲ ਦੇ ਰਸਤੇ ਕੈਨੇਡਾ ਭੱਜ ਗਿਆ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਅੰਤਰਰਾਸ਼ਟਰੀ ਪੱਧਰ ‘ਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਹਾਲਾਂਕਿ ਪਰਿਵਾਰ ਵੱਲੋਂ ਵਿਆਹ ਨੂੰ ਲੈ ਕੇ ਵਿਵਾਦ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਪਰ ਪੁਲਿਸ ਅਜੇ ਤੱਕ ਕਤਲ ਦੇ ਅਸਲ ਕਾਰਨ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
