
ਚੰਡੀਗੜ੍ਹ, 7 ਅਗਸਤ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਕੁਮਾਰ ਗਰਗ ਨੇ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਲਈ ਵੱਡੀ ਅਤੇ ਇਤਿਹਾਸਕ ਰਾਹਤ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ‘ਤੇ ਪੈਂਦਾ ਵੱਡਾ ਆਰਥਿਕ ਬੋਝ ਘਟੇਗਾ।
ਨੀਲ ਗਰਗ ਨੇ ਕਿਹਾ ਕਿ ਬਿਜਲੀ ਦੇ ਵਧਦੇ ਖਰਚਿਆਂ ਕਾਰਨ ਕਈ ਗਊਸ਼ਾਲਾਵਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਰਕਾਰ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਨੂੰ ਸਿੱਧੀ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਗਊਆਂ ਦੀ ਸਾਂਭ-ਸੰਭਾਲ ਅਤੇ ਸੇਵਾ ਲਈ ਹੋਰ ਵੱਧ ਸਰੋਤ ਅਤੇ ਧਿਆਨ ਕੇਂਦਰਿਤ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਗਊ ਸੇਵਾ ਨਾਲ ਜੁੜੀਆਂ ਕਮੇਟੀਆਂ ਪਹਿਲਾਂ ਹੀ ਵੱਡੀ ਸਮਾਜਿਕ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਦੇ ਯਤਨਾਂ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਸੇਵਾਦਾਰਾਂ ਦਾ ਮਨੋਬਲ ਵੀ ਵਧਾਏਗਾ।
ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਰਫ਼ ਵੱਡੀਆਂ ਯੋਜਨਾਵਾਂ ਹੀ ਨਹੀਂ ਲਿਆ ਰਹੀ, ਸਗੋਂ ਸਮਾਜ ਸੇਵਾ ਵਿੱਚ ਲੱਗੀਆਂ ਸੰਸਥਾਵਾਂ ਦੀਆਂ ਜ਼ਮੀਨੀ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਵੀ ਵਚਨਬੱਧ ਹੈ।
ਉਨ੍ਹਾਂ ਕਿਹਾ, “ਗਊ ਸੇਵਾ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਬਿਜਲੀ ਬਿੱਲ ਮੁਆਫ਼ ਕਰਨ ਦਾ ਇਹ ਫ਼ੈਸਲਾ ਕੇਵਲ ਆਰਥਿਕ ਰਾਹਤ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਸੇਵਾਦਾਰਾਂ ਦੇ ਸਮਰਪਣ ਦਾ ਸਨਮਾਨ ਵੀ ਹੈ ਜੋ ਨਿਰਸਵਾਰਥ ਭਾਵਨਾ ਨਾਲ ਗਊਆਂ ਦੀ ਸੇਵਾ ਕਰ ਰਹੇ ਹਨ।
“ਨੀਲ ਕੁਮਾਰ ਗਰਗ ਨੇ ਦੱਸਿਆ ਕਿ ਸਰਕਾਰ ਦੇ ਇਸ ਐਲਾਨ ਨਾਲ ਗਊਸ਼ਾਲਾ ਕਮੇਟੀਆਂ ਅਤੇ ਗਊ ਸੇਵਾ ਨਾਲ ਜੁੜੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾ ਰਹੇ ਅਜਿਹੇ ਫ਼ੈਸਲੇ ਸਰਕਾਰ ਦੀ ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਸੋਚ ਦਾ ਪ੍ਰਤੀਕ ਹਨ।
