
ਚੰਡੀਗੜ੍ਹ, 16 ਜੂਨ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ 2 ਜੁਲਾਈ 2026 ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਹਰਭਜਨ ਸਿੰਘ ਈਟੀਓ ਨੇ ਕਮਿਸ਼ਨ ਕੋਲ ਇੱਕ ਲਿਖਤੀ ਸ਼ਿਕਾਇਤ ਦਾਇਰ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਫਰਵਰੀ 2026 ਵਿੱਚ ਤਰਨਤਾਰਨ ਵਿਖੇ ਹੋਈਆਂ ਚੋਣ ਗਤੀਵਿਧੀਆਂ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਵਿਰੁੱਧ ਭੜਕਾਊ ਅਤੇ ਧਮਕੀਪੂਰਨ ਬਿਆਨ ਦਿੱਤੇ ਸਨ। ਸ਼ਿਕਾਇਤ ਅਨੁਸਾਰ, ਰਾਜਾ ਵੜਿੰਗ ਨੇ ਇੱਕ ਜਨਤਕ ਸਮਾਗਮ ਦੌਰਾਨ ਕਿਹਾ ਸੀ ਕਿ ਉਨ੍ਹਾਂ ਦੀ “ਗਰਦਨ ਮਰੋੜਨ ਵਿੱਚ ਤਿੰਨ ਮਿੰਟ ਲੱਗਣਗੇ”, ਜਿਸ ਨਾਲ ਲੋਕਾਂ ਨੂੰ ਉਨ੍ਹਾਂ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ।
ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ। ਹਾਲਾਂਕਿ, ਪੁਲਿਸ ਨੇ ਜਾਂਚ ਨੂੰ ਮੁਕੰਮਲ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਬੇਨਤੀ ਨੂੰ ਸਵੀਕਾਰ ਕਰਦਿਆਂ ਕਮਿਸ਼ਨ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਇਕੱਠੇ ਕਰਕੇ ਉਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਰਿਪੋਰਟ 2 ਜੁਲਾਈ 2026 ਤੱਕ ਕਮਿਸ਼ਨ ਕੋਲ ਪੇਸ਼ ਕੀਤੀ ਜਾਵੇ।
ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਤੱਥਾਂ ਦੇ ਆਧਾਰ ‘ਤੇ ਜਾਂਚ ਯਕੀਨੀ ਬਣਾਈ ਜਾਵੇਗੀ ਅਤੇ ਪ੍ਰਾਪਤ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
