
ਨਵੀਂ ਦਿੱਲੀ,2 ਅਕਤੂਬਰ 2026: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ 10 ਜਨਪਥ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਸਮੀ ਤੌਰ ’ਤੇ ਰਾਹੁਲ ਗਾਂਧੀ ਨੂੰ ਸੌਂਪਿਆ।
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ ਅਤੇ ਕਿਸੇ ਨੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਅਸਤੀਫ਼ੇ ਲਏ ਨਹੀਂ ਜਾਂਦੇ, ਸਗੋਂ ਅਹੁਦਾ ਛੱਡਣ ਵਾਲੇ ਆਗੂ ਦਾ ਧੰਨਵਾਦ ਕੀਤਾ ਜਾਂਦਾ ਹੈ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ ਕਿ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਨੂੰ ਕਰੀਬ ਸਾਢੇ ਚਾਰ ਸਾਲ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉਹ ਉੱਥੇ ਮੌਜੂਦ ਰਹਿਣਗੇ।
ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੇ ਸਾਢੇ ਚਾਰ ਸਾਲ ਦੇ ਤਜਰਬੇ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਵਟਾਂਦਰਾ ਕੀਤਾ। ਨਾਲ ਹੀ ਪੰਜਾਬ ਵਿੱਚ ਪਾਰਟੀ ਸਾਹਮਣੇ ਮੌਜੂਦ ਚੁਣੌਤੀਆਂ ਅਤੇ ਮਜ਼ਬੂਤ ਪੱਖਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਸਚਿਨ ਪਾਇਲਟ ਬਾਰੇ ਕੀ ਕਿਹਾ?
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੜਿੰਗ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ANI ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਭਵ ਹੈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਲੱਗਿਆ ਹੋਵੇ ਕਿ “ਰਾਜਾ ਦੀ ਛੁੱਟੀ ਕਰ ਦੇਣੀ ਚਾਹੀਦੀ ਹੈ।” ਹਾਲਾਂਕਿ, ਵੜਿੰਗ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਠੋਸ ਸਬੂਤ ਨਹੀਂ ਹੈ।
ਵੜਿੰਗ ਨੇ ਦੱਸਿਆ ਕਿ ਸਚਿਨ ਪਾਇਲਟ ਨੇ ਪਿਛਲੇ ਮਹੀਨੇ 2 ਤਰੀਕ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਪੰਜਾਬ ਵਿੱਚ ਕਾਂਗਰਸ ਦੇ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਦੀ ਪਾਇਲਟ ਨਾਲ ਪਹਿਲੀ ਅਤੇ ਹੁਣ ਤੱਕ ਦੀ ਮੁੱਖ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਾਇਲਟ ਨਾਲ ਕੋਈ ਹੋਰ ਮੁਲਾਕਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਾਇਲਟ ਨਾਲ ਉਨ੍ਹਾਂ ਦੇ ਕਰੀਬ 20-22 ਸਾਲ ਪੁਰਾਣੇ ਸਬੰਧ ਹਨ ਅਤੇ ਉਨ੍ਹਾਂ ਨੂੰ ਪਾਇਲਟ ਨਾਲ ਕੋਈ ਸ਼ਿਕਾਇਤ ਨਹੀਂ ਹੈ।
ਵੜਿੰਗ ਨੇ ਕਿਹਾ ਕਿ ਸਿਖਰ ’ਤੇ ਪਹੁੰਚਣਾ ਇੱਕ ਪ੍ਰਾਪਤੀ ਹੈ, ਪਰ ਕੋਈ ਵੀ ਵਿਅਕਤੀ ਹਮੇਸ਼ਾ ਉਸ ਅਹੁਦੇ ’ਤੇ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੇ ਕਿਸੇ ਨਾ ਕਿਸੇ ਸਮੇਂ “ਐਕਸ” ਹੋਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਦੀ ਮਿਹਰਬਾਨੀ ਹਮੇਸ਼ਾ ਉਨ੍ਹਾਂ ’ਤੇ ਰਹੀ ਹੈ ਅਤੇ ਹੁਣ ਉਹ ਕੁਝ ਸਮੇਂ ਲਈ ਆਰਾਮ ਕਰਨਾ ਚਾਹੁੰਦੇ ਹਨ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਅੱਗੇ ਪਾਰਟੀ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਹੋਵੇਗੀ ਤਾਂ ਵੜਿੰਗ ਨੇ ਕਿਹਾ ਕਿ ਉਹ ਖੁਦ ਇਹ ਤੈਅ ਨਹੀਂ ਕਰ ਸਕਦੇ ਕਿ ਉਨ੍ਹਾਂ ਨੂੰ ਕਿਹੜੀ ਜ਼ਿੰਮੇਵਾਰੀ ਮਿਲੇਗੀ।
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਚਰਚਾ
ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਅਗਲੇ ਪ੍ਰਧਾਨ ਨੂੰ ਲੈ ਕੇ ਪਾਰਟੀ ਅੰਦਰ ਕਈ ਨਾਵਾਂ ਦੀ ਚਰਚਾ ਹੈ। ਮੀਡੀਆ ਰਿਪੋਰਟਾਂ ਵਿੱਚ ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਆਗੂਆਂ ਦੇ ਨਾਮ ਸਾਹਮਣੇ ਆਏ ਹਨ।
ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਬਦਲਾਅ ਨੂੰ ਲੈ ਕੇ ਪਾਰਟੀ ਹਾਈਕਮਾਂਡ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਕੁਝ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਸਚਿਨ ਪਾਇਲਟ ਵੱਲੋਂ ਪੰਜਾਬ ਕਾਂਗਰਸ ਬਾਰੇ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਹਾਈਕਮਾਂਡ ਨੇ ਸੂਬਾ ਪ੍ਰਧਾਨ ਬਦਲਣ ਦੀ ਪ੍ਰਕਿਰਿਆ ਅੱਗੇ ਵਧਾਈ।ਹਾਲਾਂਕਿ, ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਮ ਬਾਰੇ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ।
