
ਚੰਡੀਗੜ੍ਹ, 26 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਜਾਵੇਗੀ, ਜਿਸ ਨਾਲ ਲੱਖਾਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਘਰ ਦੇ ਨੇੜੇ ਆਧੁਨਿਕ ਅਤੇ ਕਿਫਾਇਤੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਹੈਲਥ ਕੇਅਰ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ।
71 ਕਲੀਨਿਕ ਅੱਜ ਲੋਕਾਂ ਨੂੰ ਸਮਰਪਿਤ, ਬਾਕੀ 29 ਕਲੀਨਿਕ 31 ਜੁਲਾਈ ਤੱਕ ਹੋਣਗੇ ਸ਼ੁਰੂ
100 ਨਵੇਂ ਕਲੀਨਿਕਾਂ ਵਿੱਚੋਂ 71 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ ਸੂਬੇ ਭਰ ਵਿੱਚ ਵੱਖ-ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਕੀਤਾ ਗਿਆ, ਜਦਕਿ ਬਾਕੀ 29 ਕਲੀਨਿਕ 31 ਜੁਲਾਈ ਤੱਕ ਪੜਾਅਵਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।
ਵੱਖ-ਵੱਖ ਮੰਤਰੀਆਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਕੀਤੇ ਉਦਘਾਟਨ
ਇਸ ਮੌਕੇ ਕਈ ਕੈਬਨਿਟ ਮੰਤਰੀਆਂ ਨੇ ਆਪਣੇ ਹਲਕਿਆਂ ਵਿੱਚ ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।
- ਡਾ. ਬਲਜੀਤ ਕੌਰ ਨੇ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਤਿੰਨ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
- ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਵਿੱਚ ਤਿਆਰ ਹੋਏ ਨਵੇਂ ਕਲੀਨਿਕ ਨੂੰ ਲੋਕਾਂ ਨੂੰ ਸਮਰਪਿਤ ਕੀਤਾ।
- ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਨਵਾਂ ਕਲੀਨਿਕ ਸ਼ੁਰੂ ਕਰਵਾਇਆ।
- ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਵਿਧਾਨ ਸਭਾ ਹਲਕੇ ਵਿੱਚ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
- ਤਰੁਣਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿੱਚ ਤਿੰਨ ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।
- ਮਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਬੁੱਧ ਮੱਲ ਗਰਾਊਂਡ ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿੱਚ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
ਇਸ ਤੋਂ ਇਲਾਵਾ ਸੂਬੇ ਦੇ ਹੋਰ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਨੇ ਵੀ ਆਪਣੇ-ਆਪਣੇ ਹਲਕਿਆਂ ਵਿੱਚ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਢਲੀ ਸਿਹਤ ਸੇਵਾਵਾਂ ਲੋਕਾਂ ਦੇ ਦਰਵਾਜ਼ੇ ਤੱਕ
ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾ ਕੇ ਇਲਾਜ ਨੂੰ ਹੋਰ ਸੁਵਿਧਾਜਨਕ, ਸਸਤਾ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ। ਹੁਣ ਆਮ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਦੇ ਇਲਾਜ ਜਾਂ ਮੁੱਢਲੀਆਂ ਜਾਂਚਾਂ ਲਈ ਵੱਡੇ ਹਸਪਤਾਲਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ।
990 ਕਲੀਨਿਕ ਪਹਿਲਾਂ ਹੀ ਦੇ ਰਹੇ ਹਨ ਸੇਵਾਵਾਂ
ਸਰਕਾਰ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ 990 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 414 ਸ਼ਹਿਰੀ ਅਤੇ 576 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 107 ਜ਼ਰੂਰੀ ਦਵਾਈਆਂ ਅਤੇ 47 ਪ੍ਰਯੋਗਸ਼ਾਲਾ ਜਾਂਚਾਂ ਬਿਲਕੁਲ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਹਰ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀ ਤਾਇਨਾਤ ਹਨ। ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਧੁਨਿਕ ਆਈਟੀ ਆਧਾਰਿਤ ਡਿਜ਼ੀਟਲ ਪ੍ਰਣਾਲੀ ਰਾਹੀਂ ਕੀਤੀ ਜਾਂਦੀ ਹੈ, ਜਿਸ ਨਾਲ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਦੀ ਹੈ।
ਸਿਹਤ ਸੇਵਾਵਾਂ ਦਾ ਹੋਇਆ ਹੋਰ ਵਿਸਥਾਰ
ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਸਿਹਤ ਸੇਵਾਵਾਂ ਦਾ ਦਾਇਰਾ ਵੀ ਵਧਾਇਆ ਹੈ। ਹੁਣ ਇੱਥੇ:
- ਗਰਭਵਤੀ ਮਹਿਲਾਵਾਂ ਦੀ ਜਨਮ-ਪੂਰਵ ਜਾਂਚ,
- ਕੁੱਤੇ ਦੇ ਕੱਟਣ ਦਾ ਇਲਾਜ,
- ਪਰਿਵਾਰ ਨਿਯੋਜਨ ਸੇਵਾਵਾਂ,
- ਹਾਈ ਬਲੱਡ ਪ੍ਰੈਸ਼ਰ,
- ਸ਼ੂਗਰ,
- ਅਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ
ਵਰਗੀਆਂ ਸੇਵਾਵਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਹਰ ਘਰ ਤੱਕ ਮਿਆਰੀ ਸਿਹਤ ਸੇਵਾ ਪਹੁੰਚਾਉਣ ਲਈ ਵਚਨਬੱਧ ਸਰਕਾਰ
ਪੰਜਾਬ ਸਰਕਾਰ ਨੇ ਦੁਹਰਾਇਆ ਕਿ ਉਸਦਾ ਉਦੇਸ਼ ਸੂਬੇ ਦੇ ਹਰ ਨਾਗਰਿਕ ਨੂੰ ਉਸਦੇ ਘਰ ਦੇ ਨੇੜੇ ਹੀ ਮਿਆਰੀ, ਆਧੁਨਿਕ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। 100 ਨਵੇਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਦਾ ਦਾਇਰਾ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਦੀ ਬਿਹਤਰ ਸਹੂਲਤ ਮਿਲੇਗੀ। ਇਹ ਪਹਿਲ ਪੰਜਾਬ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਅਤੇ ਲੋਕ-ਕੇਂਦਰਿਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
