Wednesday, November 4Punjabi People

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਦਸਤਾਵੇਜ਼

ਚੰਡੀਗੜ੍ਹ, 4 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਅਧੀਨ ਪੈਂਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਘਰਾਂ ਦੇ ਮਾਲਕੀ ਹੱਕ ਸੌਂਪੇ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਨ੍ਹਾਂ ਲੋਕਾਂ ਨੂੰ ਜਾਇਦਾਦ ਦੇ ਕਾਨੂੰਨੀ ਹੱਕ ਦਿਵਾਉਣ ਲਈ ਵਚਨਬੱਧ ਹੈ, ਜੋ ਲੰਮੇ ਸਮੇਂ ਤੋਂ ਪਿੰਡਾਂ ਦੀ ਲਾਲ ਲਕੀਰ ਜਾਂ ਲਾਲ ਡੋਰੇ ਅੰਦਰ ਬਣੇ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਹੁਣ ਤੱਕ ਉਨ੍ਹਾਂ ਕੋਲ ਮਾਲਕੀ ਦਾ ਕੋਈ ਕਾਨੂੰਨੀ ਸਬੂਤ ਨਹੀਂ ਸੀ।

ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਮਿਲਣ ਨਾਲ ਨਾ ਸਿਰਫ਼ ਉਨ੍ਹਾਂ ਦੀ ਜਾਇਦਾਦ ਸੁਰੱਖਿਅਤ ਹੋਵੇਗੀ, ਸਗੋਂ ਭਵਿੱਖ ਵਿੱਚ ਜਾਇਦਾਦ ਸਬੰਧੀ ਪੈਦਾ ਹੋਣ ਵਾਲੇ ਵਿਵਾਦਾਂ ਅਤੇ ਝਗੜਿਆਂ ਨੂੰ ਵੀ ਘਟਾਉਣ ਵਿੱਚ ਮਦਦ ਮਿਲੇਗੀ।

ਸਪੀਕਰ ਨੇ ਅੱਗੇ ਕਿਹਾ ਕਿ ਮਾਲਕੀ ਦੇ ਅਧਿਕਾਰ ਮਿਲਣ ਨਾਲ ਲੋਕ ਆਪਣੀ ਜਾਇਦਾਦ ਦੀ ਵਰਤੋਂ ਵਧੇਰੇ ਆਸਾਨੀ ਨਾਲ ਕਰ ਸਕਣਗੇ। ਇਸ ਦੇ ਨਾਲ ਹੀ ਉਹ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਤੋਂ ਕਰਜ਼ਾ ਲੈਣ ਲਈ ਵੀ ਆਪਣੀ ਜਾਇਦਾਦ ਦੇ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ। ਇਸ ਨਾਲ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਅਤੇ ਆਪਣੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦੇ ਨਵੇਂ ਮੌਕੇ ਮਿਲਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਲੋਕਾਂ ਨੂੰ ਦਸਤਾਵੇਜ਼ ਸੌਂਪਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕਾਂ ਪ੍ਰਤੀ ਸੁਰੱਖਿਆ ਅਤੇ ਭਰੋਸਾ ਪ੍ਰਦਾਨ ਕਰਨਾ ਵੀ ਹੈ। ਇਹ ਪਹਿਲ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਦੀ ਇੱਕ ਅਹਿਮ ਮੰਗ ਨੂੰ ਪੂਰਾ ਕਰਨ ਵੱਲ ਮਹੱਤਵਪੂਰਨ ਕਦਮ ਹੈ।

ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਮਾਲਕੀ ਹੱਕ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ ਅਤੇ ਹੁਣ ਉਨ੍ਹਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਕਾਨੂੰਨੀ ਸੁਰੱਖਿਆ ਮਿਲ ਸਕੇਗੀ।

Leave a Reply

Your email address will not be published. Required fields are marked *