
ਚੰਡੀਗੜ੍ਹ, 3 ਫਰਵਰੀ 2026: :ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸਰਕਾਰੀ ਤੌਰ ‘ਤੇ ਤਰੱਕੀ ਪੱਤਰ ਸੌਂਪੇ। ਇਹ ਪਦਉੱਨਤੀਆਂ ਨਿਰਧਾਰਤ ਸੇਵਾ ਨਿਯਮਾਂ ਦੇ ਅਧੀਨ ਅਤੇ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।
ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੇ ਸੇਵਾ ਹਿੱਤਾਂ ਦੀ ਪੂਰੀ ਰਾਖੀ ਕਰਨ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਹ ਤਰੱਕੀਆਂ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਪਦ ‘ਤੇ ਤਰੱਕੀ ਹਾਸਲ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਨਿਸ਼ਠਾ ਅਤੇ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀ ਭੂਮੀ, ਰਿਕਾਰਡ ਅਤੇ ਹੋਰ ਮਾਲੀ ਮਾਮਲਿਆਂ ਵਿੱਚ ਆਮ ਲੋਕਾਂ ਲਈ ਪਹਿਲਾ ਸੰਪਰਕ ਬਿੰਦੂ ਹੁੰਦੇ ਹਨ। ਇਸ ਲਈ ਉਨ੍ਹਾਂ ਦੀ ਸੱਚਾਈ, ਨਿਰਪੱਖਤਾ ਅਤੇ ਸੁਚੱਜਾ ਆਚਰਣ ਪ੍ਰਸ਼ਾਸਨਿਕ ਪ੍ਰਣਾਲੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਜਾਂ ਕਮਜ਼ੋਰ ਕਰਨ ਵਿੱਚ ਅਹੰਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਤਰੱਕੀ ਪ੍ਰਾਪਤ ਅਧਿਕਾਰੀ ਪਾਰਦਰਸ਼ਤਾ ਕਾਇਮ ਰੱਖਣਗੇ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਲੋਕ-ਹਿੱਤ ਵਿੱਚ ਸੇਵਾਵਾਂ ਪ੍ਰਦਾਨ ਕਰਨਗੇ।
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਪਦਉੱਨਤ ਹੋਏ ਅਧਿਕਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਤਰੱਕੀਆਂ ਕਰਨਾ ਇੱਕ ਸੁਚੱਜੀ ਅਤੇ ਜ਼ਿੰਮੇਵਾਰ ਪ੍ਰਸ਼ਾਸਨਿਕ ਪ੍ਰਣਾਲੀ ਦਾ ਪ੍ਰਤੀਕ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੇ ਕਦਮਾਂ ਨਾਲ ਅਧਿਕਾਰੀਆਂ ਵਿੱਚ ਕੰਮ ਪ੍ਰਤੀ ਉਤਸ਼ਾਹ ਵਧਦਾ ਹੈ ਅਤੇ ਉਹ ਹੋਰ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਸਕਦੇ ਹਨ।
ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਵਿੱਚ ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਉਂਕਾਰ ਸਿੰਘ, ਰਨਦੀਪ ਸਿੰਘ, ਬਲਜੀਤ ਸਿੰਘ ਅਤੇ ਕਾਰਜ ਸਿੰਘ ਸ਼ਾਮਲ ਹਨ।
