
ਫਗਵਾੜਾ / ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਮਾਣਯੋਗ ਸ਼ਖ਼ਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ।
ਇਸੇ ਤਹਿਤ ਅੱਜ ਪੰਜਾਬ ਦੇ ਮਸ਼ਹੂਰ ਪਹਿਲਵਾਨ ਅਤੇ ਰੁਸਤਮ-ਏ-ਹਿੰਦ ਤੇ ਹਿੰਦ ਕੇਸਰੀ ਖ਼ਿਤਾਬ ਜੇਤੂ ਪ੍ਰੀਤਪਾਲ ਸਿੰਘ ਫਗਵਾੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਇਸ ਮੌਕੇ ਓਐੱਸਡੀ ਰਾਜਵੀਰ ਵੀ ਮੌਜੂਦ ਰਹੇ।
ਪ੍ਰੀਤਪਾਲ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਨੂੰ ਖੇਡ ਜਗਤ ਦੇ ਨਾਲ-ਨਾਲ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ ਵੱਲ ਵਧਦਾ ਰੁਝਾਨ ਇਹ ਸਾਬਤ ਕਰਦਾ ਹੈ ਕਿ ਪੰਜਾਬ ਤਰੱਕੀ ਅਤੇ ਬਦਲਾਅ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੀਆਂ ਜ਼ਮੀਨ ਨਾਲ ਜੁੜੀਆਂ ਹਸਤੀਆਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਉੱਧਰ ਪ੍ਰੀਤਪਾਲ ਸਿੰਘ ਫਗਵਾੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਮਾਨਦਾਰੀ ਨਾਲ ਕੰਮ ਕਰਨਗੇ।
ਇਸ ਮੌਕੇ ਮੁੱਖ ਮੰਤਰੀ ਨੇ ਪ੍ਰੀਤਪਾਲ ਸਿੰਘ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਸਿਆਸੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
