
ਚੰਡੀਗੜ੍ਹ, 7 ਜੂਨ 2026: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਹੋਈ ਕਥਿਤ ਅਮਾਨਵੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਘਟਨਾ ਸਬੰਧੀ ਸਾਹਮਣੇ ਆਈਆਂ ਰਿਪੋਰਟਾਂ ਵਿੱਚ ਦੋ ਨੌਜਵਾਨਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਖੇਤਾਂ ਵਿੱਚ ਘਸੀਟਣ ਦੇ ਦੋਸ਼ ਲਗਾਏ ਗਏ ਹਨ, ਜਿਸ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇੱਕ ਅਖਬਾਰ ਵਿੱਚ ਪ੍ਰਕਾਸ਼ਿਤ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਸੁਓ ਮੋਟੋ (ਖੁਦ) ਨੋਟਿਸ ਲੈਂਦਿਆਂ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਕਮਿਸ਼ਨ ਵੱਲੋਂ Sri Muktsar Sahib ਦੇ ਐਸ.ਪੀ. ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਐਸ.ਪੀ. ਹੈੱਡਕੁਆਰਟਰ ਰਾਹੀਂ ਇਸ ਘਟਨਾ ਸਬੰਧੀ ਪੂਰੀ ਰਿਪੋਰਟ 9 ਜੂਨ 2026 ਤੱਕ ਕਮਿਸ਼ਨ ਅੱਗੇ ਪੇਸ਼ ਕਰਨ। ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨਾਲ ਭੇਦਭਾਵ ਦੀ ਪੁਸ਼ਟੀ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇਗੀ।
ਇਸ ਘਟਨਾ ਨੇ ਇਲਾਕੇ ਵਿੱਚ ਚਰਚਾ ਛੇੜ ਦਿੱਤੀ ਹੈ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਵੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਕਮਿਸ਼ਨ ਵੱਲੋਂ ਮੰਗੀ ਗਈ ਰਿਪੋਰਟ ਅਤੇ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।
