
ਚੰਡੀਗੜ੍ਹ, 29 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਸੁਓ-ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਸੰਗਰੂਰ ਤੋਂ ਵਿਸਥਾਰਪੂਰਵਕ ਜਾਂਚ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੀਡੀਓਜ਼ ਅਤੇ ਖਬਰਾਂ ਰਾਹੀਂ ਆਇਆ। ਉਨ੍ਹਾਂ ਕਿਹਾ ਕਿ ਧੂਰੀ ਦੌਰੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਲਿਆ।
ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਖਬਰਾਂ ਅਤੇ ਵੀਡੀਓ ਲਿੰਕਾਂ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਗਿਆ ਹੈ, ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਐਸ.ਪੀ. ਹੈੱਡਕੁਆਟਰ ਸੰਗਰੂਰ ਰਾਹੀਂ ਇਹ ਜਾਂਚ ਰਿਪੋਰਟ 1 ਜੂਨ 2026 ਨੂੰ ਸਵੇਰੇ 9 ਵਜੇ ਤੱਕ ਕਮਿਸ਼ਨ ਕੋਲ ਪੇਸ਼ ਕਰਨ ਲਈ ਕਿਹਾ ਗਿਆ ਹੈ।
ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਜਾਤੀ ਆਧਾਰਿਤ ਟਿੱਪਣੀਆਂ ਜਾਂ ਭੇਦਭਾਵ ਨਾਲ ਜੁੜੇ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾ ਸਕਦਾ। ਕਮਿਸ਼ਨ ਨੇ ਇਹ ਵੀ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।
ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮ ਹੋ ਗਿਆ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਇਸ ‘ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹੁਣ ਸਭ ਦੀ ਨਜ਼ਰ ਸੰਗਰੂਰ ਪੁਲਿਸ ਦੀ ਜਾਂਚ ਰਿਪੋਰਟ ਅਤੇ ਕਮਿਸ਼ਨ ਦੀ ਅਗਲੀ ਕਾਰਵਾਈ ‘ਤੇ ਟਿਕੀ ਹੋਈ ਹੈ।
