
ਕੋਟਕਪੂਰਾ/ ਚੰਡੀਗੜ੍ਹ, 2 ਮਾਰਚ 2026 : ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕਰਦੇ ਹੋਏ ਇਲਾਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ।
ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਨੂੰ ਤੁਰੰਤ ਮਨਜ਼ੂਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਕਮ ਨਾਲ ਪਾਰਕਾਂ ਦੀ ਸੁਧਾਰ, ਓਪਨ ਜਿਮ ਦੀ ਸਥਾਪਨਾ, ਸੜਕਾਂ ਦੇ ਨਿਰਮਾਣ ਤੇ ਹੋਰ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਨਿਰੰਤਰ ਵਿਕਾਸ ਕਾਰਜ ਜਾਰੀ ਹਨ ਅਤੇ ਉਹ ਖੁਦ ਮੌਕੇ ’ਤੇ ਜਾ ਕੇ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰ ਰਹੇ ਹਨ, ਤਾਂ ਜੋ ਸਾਰੇ ਪ੍ਰੋਜੈਕਟ ਸਮੇਂ ਸਿਰ ਅਤੇ ਬਿਨਾਂ ਕਿਸੇ ਦੇਰੀ ਤੋਂ ਪੂਰੇ ਹੋ ਸਕਣ।
ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਅੱਗੇ ਵਧਾਉਣ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲਾਂ ਵਿੱਚ ਰਾਹਤ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸਿਹਤ ਸੇਵਾਵਾਂ ਅਤੇ ਸਿੱਖਿਆ ਖੇਤਰ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਦੇ ਨਿਵਾਸੀਆਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ, ਜੋ ਆਮ ਪਰਿਵਾਰਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ।
ਇਸ ਮੌਕੇ ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਹੀਰਾ ਸਿੰਘ ਨਗਰ ਮੇਨ ਗਲੀ ਵਿੱਚ ਇੰਟਰਲਾਕ ਟਾਇਲਾਂ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ।
ਅੰਤ ਵਿੱਚ ਉਨ੍ਹਾਂ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਹਾਇਤਾ ਅਤੇ ਭਰੋਸੇ ਨਾਲ ਹੀ ਉਹ ਇਸ ਮਕਾਮ ਤੱਕ ਪਹੁੰਚੇ ਹਨ ਅਤੇ ਬਿਨਾਂ ਕਿਸੇ ਲਾਲਚ ਦੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਅਤੇ ਜ਼ਿੰਮੇਵਾਰੀ ਹੈ।
