Friday, October 23Punjabi People

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਮਜ਼ਬੂਤ ਕਾਨੂੰਨੀ ਢਾਂਚਾ ਬਣੇਗਾ: CM ਭਗਵੰਤ ਮਾਨ

ਚੰਡੀਗੜ੍ਹ, 28 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਸਰਵਉੱਚ ਹੈ ਅਤੇ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਤੋਂ ਮਜ਼ਬੂਤ ਕਾਨੂੰਨੀ ਢਾਂਚਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹਾ ਗੰਭੀਰ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।

ਮੁੱਖ ਮੰਤਰੀ ਨੇ ਇਹ ਗੱਲ ਆਪਣੀ ਰਿਹਾਇਸ਼ ’ਤੇ ਪੰਜਾਬ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਹੋਈ ਵਿਸਥਾਰਤ ਬੈਠਕ ਦੌਰਾਨ ਕਹੀ। ਬੈਠਕ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਸਬੰਧੀ ਪ੍ਰਗਟਾਏ ਗਏ ਖਦਸ਼ਿਆਂ ਅਤੇ ਉਨ੍ਹਾਂ ਦੇ ਹੱਲ ਲਈ ਸਲਾਹ-ਮਸ਼ਵਰੇ ਤੇ ਸਹਿਮਤੀ ਬਣਾਉਣ ਦੇ ਤਰੀਕਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕਾਨੂੰਨ ਦੀਆਂ ਧਾਰਾਵਾਂ ਦੀ ਮੁੜ ਸਮੀਖਿਆ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕਮੇਟੀ ਨੂੰ ਹਦਾਇਤ ਕੀਤੀ ਕਿ ਪ੍ਰਸਤਾਵਿਤ ਸੋਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇ ਅਤੇ ਸਾਹਮਣੇ ਆਏ ਸੁਝਾਵਾਂ ਤੇ ਖਦਸ਼ਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਲਗਾਤਾਰ ਅਤੇ ਵਿਸਥਾਰਪੂਰਵਕ ਬੈਠਕਾਂ ਕਰਕੇ ਆਪਸੀ ਸਹਿਮਤੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਦੀਆਂ ਧਾਰਾਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਇਸ ਦੀ ਮੂਲ ਭਾਵਨਾ ਅਤੇ ਮੁੱਖ ਉਦੇਸ਼ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਕਾਰਵਾਈ ਅਤੇ ਪ੍ਰਭਾਵਸ਼ਾਲੀ ਸਜ਼ਾ ਦਾ ਪ੍ਰਬੰਧ ਯਕੀਨੀ ਬਣਾਉਣਾ ਹੈ।

ਉਮਰ ਕੈਦ ਤੇ ਭਾਰੀ ਜੁਰਮਾਨੇ ਕਾਨੂੰਨ ਦਾ ਅਹਿਮ ਹਿੱਸਾ

ਮੁੱਖ ਮੰਤਰੀ ਮੁਤਾਬਕ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਇਸ ਕਾਨੂੰਨ ਦਾ ਮੁੱਖ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਸਖ਼ਤੀ ਨਾਲ ਕਿਸੇ ਕਿਸਮ ਦੀ ਢਿੱਲ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਲਈ ਸਰਕਾਰ ਦਾ ਯਤਨ ਹੈ ਕਿ ਕਾਨੂੰਨੀ ਪ੍ਰਬੰਧ ਇੰਨੇ ਮਜ਼ਬੂਤ ਹੋਣ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢਾਂਚਾ ਤਿਆਰ ਕੀਤਾ ਜਾ ਸਕੇ।

ਧਾਰਮਿਕ ਸ਼ਖ਼ਸੀਅਤਾਂ ਤੇ ਕਾਨੂੰਨੀ ਮਾਹਰਾਂ ਦੀ ਕਮੇਟੀ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ, ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਨੂੰ ਸ਼ਾਮਲ ਕਰਕੇ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਕਾਨੂੰਨ ਨਾਲ ਜੁੜੇ ਸਾਰੇ ਪਹਿਲੂਆਂ ਦੀ ਘੋਖ ਕਰਨ ਤੋਂ ਬਾਅਦ ਸਰਕਾਰ ਨੂੰ ਲੋੜੀਂਦੀ ਸੇਧ ਦੇਵੇਗੀ।

ਉਨ੍ਹਾਂ ਕਿਹਾ ਕਿ ਸੁਝਾਈਆਂ ਗਈਆਂ ਸੋਧਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਤਾਂ ਜੋ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵਾਂ ਹੱਲ ਕੱਢਿਆ ਜਾ ਸਕੇ।

ਨੋਡਲ ਅਧਿਕਾਰੀ ਨੂੰ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਨੋਡਲ ਅਧਿਕਾਰੀ ਅਤੇ PCS ਹਰਜੀਤ ਸਿੰਘ ਸੰਧੂ ਨੂੰ ਆਉਣ ਵਾਲੀਆਂ ਬੈਠਕਾਂ ਲਈ ਮੁਕੰਮਲ ਤਾਲਮੇਲ ਯਕੀਨੀ ਬਣਾਉਣ ਅਤੇ ਕਮੇਟੀ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸਤਿਕਾਰ, ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਬਿੱਲ ਤਿਆਰ ਕਰਦੇ ਸਮੇਂ ਵੀ ਕਾਨੂੰਨੀ ਮਾਹਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਗਿਆ ਸੀ ਤਾਂ ਜੋ ਕਾਨੂੰਨ ਵਿੱਚ ਅਜਿਹੀ ਕੋਈ ਕਮੀ ਨਾ ਰਹਿ ਜਾਵੇ, ਜਿਸ ਕਾਰਨ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਪ੍ਰਭਾਵਿਤ ਹੋਵੇ।

ਮੌਜੂਦਾ ਕਾਨੂੰਨ ਵਿੱਚ ਸੋਧ ਦਾ ਫੈਸਲਾ

ਮੁੱਖ ਮੰਤਰੀ ਮੁਤਾਬਕ ਪੰਜਾਬ ਸਰਕਾਰ ਨੇ ਬਿਲਕੁਲ ਨਵਾਂ ਕਾਨੂੰਨ ਲਿਆਉਣ ਦੀ ਬਜਾਏ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕ ਉਦੇਸ਼ ਇਹ ਵੀ ਹੈ ਕਿ ਸੋਧੇ ਹੋਏ ਕਾਨੂੰਨ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾ ਸਕੇ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹਾ ਕਾਨੂੰਨੀ ਢਾਂਚਾ ਤਿਆਰ ਕਰਨਾ ਹੈ ਜੋ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਕਾਨੂੰਨੀ ਤੌਰ ’ਤੇ ਟਿਕਾਊ ਹੋਵੇ। ਇਸ ਦੇ ਨਾਲ ਹੀ ਕਾਨੂੰਨ ਨਾਲ ਸਬੰਧਤ ਜਾਇਜ਼ ਕਾਨੂੰਨੀ ਅਤੇ ਸੰਵਿਧਾਨਕ ਚਿੰਤਾਵਾਂ ਨੂੰ ਵੀ ਵਿਚਾਰ-ਵਟਾਂਦਰੇ ਰਾਹੀਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਅਜਿਹੇ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ।

Leave a Reply

Your email address will not be published. Required fields are marked *