
ਆਦਮਪੁਰ / ਚੰਡੀਗੜ੍ਹ, 14 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਮੌਕੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਹਿਲਾਵਾਂ ਲਈ 1,000 ਰੁਪਏ ਮਹੀਨਾ ਦੇਣ ਵਾਲੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਮੰਗਲਵਾਰ (14 ਅਪ੍ਰੈਲ) ਤੋਂ ਸ਼ੁਰੂ ਕਰ ਦਿੱਤੀ ਗਈ, ਜਿਸਦੀ ਸ਼ੁਰੂਆਤ ਜਲੰਧਰ ਵਿੱਚ ਕੀਤੀ ਗਈ। ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨਿਸ਼ਾ ਨੂੰ ਸਰਟੀਫਿਕੇਟ ਵੀ ਵੰਡੇ ਗਏ।
ਇਸ ਤੋਂ ਬਾਅਦ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਇਕ ਸਰਵੇ ਕਰਵਾਇਆ, ਜਿਸ ਵਿੱਚ ਪੁੱਛਿਆ ਗਿਆ ਕਿ ਕੀ ‘ਆਪ’ ਸਰਕਾਰ ਮੁੜ ਸੱਤਾ ਵਿੱਚ ਆਵੇਗੀ। ਉਨ੍ਹਾਂ ਨੇ ਹਾਜ਼ਰ ਲੋਕਾਂ ਅੱਗੇ ਤਿੰਨ ਸਵਾਲ ਰੱਖੇ, ਜਿਨ੍ਹਾਂ ਦੇ ਜਵਾਬ ਵਿੱਚ ਲੋਕਾਂ ਨੇ ਭਗਵੰਤ ਮਾਨ ਸਰਕਾਰ ਪ੍ਰਤੀ ਆਪਣਾ ਭਰੋਸਾ ਅਤੇ ਸੰਤੁਸ਼ਟੀ ਜਤਾਈ।
ਯੋਜਨਾ ਦੇ ਲਾਭ ਲਈ ਮਹਿਲਾਵਾਂ ਦੀ ਉਮਰ 18 ਸਾਲ ਤੋਂ ਵੱਧ ਹੋਣੀ ਲਾਜ਼ਮੀ ਹੈ ਅਤੇ ਉਨ੍ਹਾਂ ਕੋਲ ਪੰਜਾਬ ਦਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਰਜਿਸਟ੍ਰੇਸ਼ਨ ਦੌਰਾਨ ਮੋਬਾਈਲ ਨੰਬਰ, ਬੈਂਕ ਖਾਤਾ ਵੇਰਵੇ ਅਤੇ ਹੋਰ ਜ਼ਰੂਰੀ ਦਸਤਾਵੇਜ਼ ਦਿੱਤੇ ਜਾਣਗੇ। ਇਹ ਪ੍ਰਕਿਰਿਆ ਹਰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ‘ਤੇ ਮੁਫ਼ਤ ਉਪਲਬਧ ਹੋਵੇਗੀ।
ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਜੁਲਾਈ ਤੋਂ ਮਿਲਣੇ ਸ਼ੁਰੂ ਹੋਣਗੇ। ਸਰਕਾਰ ਵੱਲੋਂ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਰਕਮ ਸਿੱਧੀ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
