Saturday, May 23Punjabi People

ਮਹਿਲਾਵਾਂ ਦੀ ਸਿਹਤ ਅਤੇ ਸਨਮਾਨ ਨੂੰ ਤਰਜੀਹ ਦਿੰਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। 127.95 ਕਰੋੜ ਰੁਪਏ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਗਈ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਮਾਰਚ 2026: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਮਦਦ ਪ੍ਰਦਾਨ ਕਰ ਰਹੀ ਹੈ।ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਗਏ ਹਨ, ਜਿਸ ਨਾਲ ਲਾਭਪਾਤਰੀਆਂ ਨੂੰ ਬਿਨਾਂ ਰੁਕਾਵਟ ਸਹਾਇਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ, “ਇਹ ਰਕਮ ਕੇਵਲ ਆਰਥਿਕ ਸਹਾਇਤਾ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਮਜ਼ਬੂਤ ਸੁਰੱਖਿਆ ਢਾਲ ਹੈ।” ਇਸ ਪਹਿਲ ਨਾਲ ਹਜ਼ਾਰਾਂ ਪਰਿਵਾਰਾਂ ਵਿੱਚ ਖੁਸ਼ਹਾਲੀ, ਭਰੋਸਾ ਅਤੇ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ।

ਇਸ ਯੋਜਨਾ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (₹3000 + ₹2000) ਰਾਹੀਂ ਕੁੱਲ ₹5000 ਦੀ ਰਕਮ ਡੀਬੀਟੀ ਜਰੀਏ ਸਿੱਧੀ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇ ਦੂਜਾ ਬੱਚਾ ਧੀ ਹੋਵੇ ਤਾਂ ਲਾਭਪਾਤਰੀ ਮਹਿਲਾ ਨੂੰ ਇੱਕ ਮੁਸ਼ਤ ₹6000 ਦੀ ਰਕਮ ਦਿੱਤੀ ਜਾਂਦੀ ਹੈ, ਜੋ ਧੀਆਂ ਦੇ ਜਨਮ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਹੈ।

ਸਾਲਾਨਾ ਵੇਰਵਿਆਂ ਬਾਰੇ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ₹38.11 ਕਰੋੜ ਦੀ ਰਕਮ 76,478 ਮਹਿਲਾਵਾਂ ਨੂੰ ਜਾਰੀ ਕੀਤੀ ਗਈ। ਵਿੱਤੀ ਸਾਲ 2024-25 ਵਿੱਚ ਇਹ ਰਕਮ ਵੱਧ ਕੇ ₹63.78 ਕਰੋੜ ਹੋ ਗਈ ਅਤੇ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) ₹26.06 ਕਰੋੜ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।

ਮੰਤਰੀ ਨੇ ਕਿਹਾ ਕਿ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋਈ, ਜਦਕਿ 2024-25 ਵਿੱਚ 1.14 ਲੱਖ ਤੋਂ ਵੱਧ ਮਹਿਲਾਵਾਂ ਦਰਜ ਕੀਤੀਆਂ ਗਈਆਂ। ਇਸੇ ਤਰ੍ਹਾਂ 2025-26 ਲਈ ਘੱਟੋ-ਘੱਟ 1.14 ਲੱਖ ਰਜਿਸਟ੍ਰੇਸ਼ਨਾਂ ਦਾ ਟੀਚਾ ਰੱਖਿਆ ਗਿਆ ਹੈ। 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਬਾਕੀਆਂ ਲਈ ਯਤਨ ਜਾਰੀ ਹਨ।

ਉਨ੍ਹਾਂ ਸਪਸ਼ਟ ਕੀਤਾ ਕਿ ਯੋਗ ਮਹਿਲਾਵਾਂ ਨੂੰ ਨਿਯਮਾਂ ਅਨੁਸਾਰ ਕਿਸ਼ਤਾਂ ਵਿੱਚ ਰਕਮ ਜਾਰੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਾਰਵਾਈ ਬਾਕੀ ਹੈ, ਉੱਥੇ ਪ੍ਰਕਿਰਿਆ ਪੂਰੀ ਹੋਣ ਉਪਰੰਤ ਭੁਗਤਾਨ ਕੀਤਾ ਜਾਵੇਗਾ।“ਸਾਡਾ ਸਾਫ਼ ਟੀਚਾ ਹੈ ਕਿ ਕੋਈ ਵੀ ਹੱਕਦਾਰ ਮਹਿਲਾ ਇਸ ਸਹਾਇਤਾ ਤੋਂ ਵਾਂਝੀ ਨਾ ਰਹੇ,” ਮੰਤਰੀ ਨੇ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ।

Leave a Reply

Your email address will not be published. Required fields are marked *