
ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਸਕੀਮ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਕਾਫ਼ੀ ਫਾਇਦੇਮੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਆਪਣੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਮਦਦ ਪ੍ਰਾਪਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਨੂੰ ਲਾਭਕਾਰੀ ਧੰਦਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਨੁਸਾਰ AIF ਸਕੀਮ ਇਸ ਮਕਸਦ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਕੀਮ ਦੇ ਤਹਿਤ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਸਮੇਤ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਭਾਅ ਮਿਲ ਰਿਹਾ ਹੈ ਅਤੇ ਨੁਕਸਾਨ ਵੀ ਘੱਟ ਹੋ ਰਿਹਾ ਹੈ।
ਉਨ੍ਹਾਂ ਹੋਰ ਦੱਸਿਆ ਕਿ 31 ਮਾਰਚ 2026 ਤੱਕ ਦੇ ਅੰਕੜਿਆਂ ਮੁਤਾਬਕ, ਸੂਬੇ ਵਿੱਚ AIF ਸਕੀਮ ਹੇਠ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਹੋਏ ਹਨ, ਜਿਨ੍ਹਾਂ ਵਿੱਚੋਂ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ। ਕਿਸੇ ਵੀ ਕਿਸਾਨ ਵੱਲੋਂ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਵਿੱਚ ਜਾ ਕੇ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
