Saturday, May 23Punjabi People

ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨਵੀਂ ਮਿਸਾਲ ਕਾਇਮ ਕੀਤੀ; 16 ਮਾਰਚ 2022 ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ

ਚੰਡੀਗੜ੍ਹ 12 ਜਨਵਰੀ 2026: ਜਿੱਥੇ ਦੇਸ਼ ਦੇ ਕਈ ਸੂਬਿਆਂ ਵਿੱਚ ਸਰਕਾਰੀ ਨੌਕਰੀ ਨੌਜਵਾਨਾਂ ਲਈ ਸਿਰਫ਼ ਇੱਕ ਸੁਪਨਾ ਬਣ ਕੇ ਰਹਿ ਗਈ ਹੈ, ਉੱਥੇ ਪੰਜਾਬ ਇਸਦੇ ਬਿਲਕੁਲ ਉਲਟ ਤਸਵੀਰ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿੱਚ 1,746 ਨਵੇਂ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ। ਇਹ ਕਦਮ ਐਲਾਨਾਂ ਦੀ ਨਹੀਂ, ਸਗੋਂ ਨਤੀਜਾ-ਕੇਂਦਰਿਤ ਸ਼ਾਸਨ ਦੀ ਸਪਸ਼ਟ ਮਿਸਾਲ ਹੈ।16 ਮਾਰਚ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਹਰ ਰੋਜ਼ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ। ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਸਰਕਾਰ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਵੱਡੀ ਪੱਧਰੀ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਦੀ ਤਾਕਤ ਵਧਾਉਂਦੀ ਹੈ, ਸਗੋਂ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਚੋਣ ਪ੍ਰਕਿਰਿਆ ਦਾ ਭਰੋਸਾ ਵੀ ਦਿਲਾਉਂਦੀ ਹੈ। ਨਵੀਂ ਭਰਤੀ ਹੋਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਵਾਦ ਦੇ ਖਿਲਾਫ਼ ਜੰਗ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਐਤਵਾਰ ਨੂੰ ਹਥਿਆਰਬੰਦ ਅਤੇ ਜ਼ਿਲ੍ਹਾ ਕੇਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਲਈ ਮਾਣ ਦੀ ਗੱਲ ਹੈ ਕਿ ਕਈ ਨੌਜਵਾਨਾਂ ਨੇ ਇਸ ਕਾਰਜਕਾਲ ਦੌਰਾਨ ਦੋ-ਦੋ ਅਤੇ ਤਿੰਨ-ਤਿੰਨ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪਹਿਲੇ ਦਿਨ ਤੋਂ ਹੀ ਇਹ ਯਕੀਨੀ ਬਣਾਇਆ ਗਿਆ ਕਿ ਯੋਗ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਦੀ ਕਾਬਲਿਯਤ ਨੂੰ ਅਣਡਿੱਠਾ ਕੀਤਾ, ਪਰ ਮੌਜੂਦਾ ਸਰਕਾਰ ਨੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਭਰਤੀਆਂ ਕੀਤੀਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਨੂੰ ਆਪਣਾ ਮੰਤਵ ਬਣਾਉਣ।

ਨਵੀਂ ਫੋਰਸ ‘ਤੇ ਭਰੋਸਾ ਜਤਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਜਵਾਨ ਆਪਣੇ ਅਹੁਦੇ ਦੀ ਵਰਤੋਂ ਗਰੀਬਾਂ, ਪਛੜਿਆਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਕਰਨਗੇ। ਉਨ੍ਹਾਂ ਦੱਸਿਆ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਹੈ ਅਤੇ ਉਮੀਦਵਾਰਾਂ ਦੀ ਚੋਣ ਮੁਕਾਬਲਤੀ ਪ੍ਰੀਖਿਆਵਾਂ ਰਾਹੀਂ ਕੀਤੀ ਗਈ ਹੈ।ਸਰਕਾਰ ਦੇ ਮੁੱਖ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਸ਼ਕਤ ਬਣਾਉਣਾ ਹੀ ਇਸ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਜ਼ਿਲ੍ਹਾ ਕੇਡਰ ਦੇ 1,261 ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਇਸਨੂੰ ਨੌਜਵਾਨਾਂ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਾਰ ਦਿੱਤਾ।

ਪੁਲਿਸ ਫੋਰਸ ਦੀ ਮਜ਼ਬੂਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ 10,264 ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਸਰਹੱਦੀ ਸੂਬੇ ਵਿੱਚ ਅਮਨ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਮੁੱਖ ਮੰਤਰੀ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਖਤਮ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਕਈ ਗੰਭੀਰ ਖ਼ਤਰੇ ਦਰਪੇਸ਼ ਹਨ ਅਤੇ ਗੁਆਂਢੀ ਦੇਸ਼ਾਂ ਵੱਲੋਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ, ਜਿਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਲੜ ਰਿਹਾ ਹੈ। ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਨਸ਼ੇ ਦੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਵਿਰੋਧੀ ਤੱਤ ਹਨ ਅਤੇ ਸਰਕਾਰ ਇਨ੍ਹਾਂ ਨਾਲ ਕੋਈ ਰਹਿਮ ਨਹੀਂ ਕਰੇਗੀ।ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ ਅਤੇ ਜਦੋਂ ਤੱਕ ਨਸ਼ਿਆਂ ਦਾ ਪੂਰਨ ਖਾਤਮਾ ਨਹੀਂ ਹੋ ਜਾਂਦਾ, ਸਰਕਾਰ ਚੈਨ ਨਾਲ ਨਹੀਂ ਬੈਠੇਗੀ। ਇਸ ਲਈ ਪੁਲਿਸ ਨੂੰ ਨਵੀਨਤਮ ਤਕਨਾਲੋਜੀ ਅਤੇ ਜਾਂਚ ਤਰੀਕਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਟੁੱਟ ਹਿੱਸਾ ਬਣ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸਮਰਪਣ ਅਤੇ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ।ਅੰਤ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਬਾਜ਼ ਅੱਖ ਐਂਟੀ-ਡਰੋਨ ਸਿਸਟਮ ਲਾਗੂ ਕੀਤਾ ਗਿਆ ਹੈ। ਨਾਲ ਹੀ ਸਾਈਬਰ ਅਪਰਾਧ ਵਿਰੁੱਧ ਕਾਰਵਾਈ ਵਿੱਚ ਪੰਜਾਬ ਪੁਲਿਸ ਨੇ ਰਾਸ਼ਟਰੀ ਪੱਧਰ ‘ਤੇ ਮਾਣ ਹਾਸਲ ਕੀਤਾ ਹੈ। ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਾਲ ਸੜਕ ਹਾਦਸਿਆਂ ਵਿੱਚ 48 ਫੀਸਦੀ ਤੱਕ ਕਮੀ ਆਈ ਹੈ, ਜਿਸਦੀ ਕੇਂਦਰ ਸਰਕਾਰ ਵੱਲੋਂ ਵੀ ਸਰਾਹਨਾ ਕੀਤੀ ਗਈ ਹੈ।

Leave a Reply

Your email address will not be published. Required fields are marked *