
ਹੁਸ਼ਿਆਰਪੁਰ, 15 ਫਰਵਰੀ, 2026: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇਸ਼ ਹੀ ਨਹੀਂ, ਸਗੋਂ ਵਿਸ਼ਵ ਪੱਧਰ ‘ਤੇ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਮੁਹਿੰਮਾਂ ਵਿੱਚੋਂ ਇੱਕ ਹੈ। ਇਹ ਯੋਜਨਾ ਹਰ ਰੋਜ਼ ਬਹੁਤ ਸਾਰੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਹੁਣ ਤੱਕ 343 ਵਿਸ਼ੇਸ਼ ਸਿਹਤ ਕਾਰਡ ਕੈਂਪ ਲਗਾਏ ਜਾ ਚੁੱਕੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਆਪਣੇ ਦਾਇਰੇ ਵਿੱਚ ਲੈ ਰਹੀ ਹੈ। ਇਸ ਤਹਿਤ ਤਕਰੀਬਨ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ ਕਰੀਬ 900 ਸਰਕਾਰੀ ਅਤੇ ਨਿੱਜੀ ਹਸਪਤਾਲ ਇਸ ਯੋਜਨਾ ਨਾਲ ਜੋੜੇ ਗਏ ਹਨ ਅਤੇ 2,356 ਤਰ੍ਹਾਂ ਦੇ ਇਲਾਜ ਪੈਕੇਜ ਇਸ ਵਿੱਚ ਸ਼ਾਮਲ ਕੀਤੇ ਗਏ ਹਨ।
ਕਰਮਜੀਤ ਕੌਰ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਨੂੰ ਸਿਹਤ ਕਾਰਡ ਜਾਰੀ ਕਰਨ ਤੋਂ ਪਹਿਲਾਂ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈ, ਜਿਸ ਦੇ ਆਧਾਰ ‘ਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ 18 ਸਾਲ ਤੋਂ ਉੱਪਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਲਾਜ਼ਮੀ ਹੈ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਪ੍ਰਮਾਣ ਪੱਤਰ ਅਤੇ ਆਧਾਰ ਕਾਰਡ ਜ਼ਰੂਰੀ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾ ਕੇ ਕਾਰਡ ਬਣਵਾਉਣ, ਤਾਂ ਜੋ ਜ਼ਰੂਰਤ ਪੈਣ ‘ਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਰਥਿਕ ਬੋਝ ਤੋਂ ਰਾਹਤ ਦੇਣਾ ਹੈ।
