Wednesday, July 29Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਪੂਰਵਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ: ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸੁਲਭ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਸੀ।

ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸੰਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ ਅਤੇ ਅੱਖਾਂ ਦੀ ਜਾਂਚ ਕੀਤੀ ਗਈ। ਇਸਦੇ ਨਾਲ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸਹੂਲਤਾਂ ਇਕੋ ਥਾਂ ਉਪਲਬਧ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨ ਮੈਨਟੀਨੈਂਸ ਐਕਟ ਸਬੰਧੀ ਕਾਨੂੰਨੀ ਜਾਗਰੂਕਤਾ ਵੀ ਪ੍ਰਦਾਨ ਕੀਤੀ ਗਈ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੈਂਪ ਵਿੱਚ ਹਾਜ਼ਰ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਖੇਰੀਅਤ ਬਾਰੇ ਪੁੱਛਿਆ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਅਹਿਮ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਅਤੇ ਸੰਵੇਦਨਸ਼ੀਲ ਸੋਚ ਨੂੰ ਦਰਸਾਉਂਦੀ ਹੈ, ਜਿਸ ਅਧੀਨ ਬਜ਼ੁਰਗਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਪੂਰਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਬਜ਼ੁਰਗਾਂ ਨੂੰ ਸਿਰਫ਼ ਭਲਾਈ ਸਕੀਮਾਂ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰਾ ਵੀ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।

ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸਨੂੰ ਦਰਸ਼ਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ। ਇਸ ਮੌਕੇ ਐਸ.ਡੀ.ਐੱਮ. ਅੰਮ੍ਰਿਤਸਰ–1 ਸ੍ਰੀ ਅਮਨਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸ ਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਰਮੀਤ ਸਿੰਘ, ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਡਾ. ਰਣਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਇਲਾਕੇ ਦੇ ਮਾਣਯੋਗ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *