
ਚੰਡੀਗੜ੍ਹ, 19 ਅਪ੍ਰੈਲ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਇਹ ਬਿੱਲ ਹੁਣ ਅਧਿਕਾਰਕ ਤੌਰ ‘ਤੇ ਕਾਨੂੰਨ ਬਣ ਗਿਆ ਹੈ।
ਇਸ ਮਹੱਤਵਪੂਰਨ ਫੈਸਲੇ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਇਹ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਹੁਣ ਰਾਜਪਾਲ ਦੀ ਮਨਜ਼ੂਰੀ ਨਾਲ ਇਹ ਕਾਨੂੰਨੀ ਰੂਪ ਧਾਰ ਚੁੱਕਾ ਹੈ।
ਮੁੱਖ ਮੰਤਰੀ ਮਾਨ ਨੇ ਇਸ ਮੌਕੇ ਆਪਣੇ ਭਾਵ ਪ੍ਰਗਟ ਕਰਦਿਆਂ ਵਾਹਿਗੁਰੂ ਦਾ ਕੋਟਿਨ-ਕੋਟ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡੀ ਸੇਵਾ ਅਤੇ ਸਨਮਾਨ ਦੀ ਗੱਲ ਹੈ ਕਿ ਉਨ੍ਹਾਂ ਦੇ ਹੱਥੋਂ ਅਜਿਹਾ ਪਵਿੱਤਰ ਕੰਮ ਹੋਇਆ। ਉਨ੍ਹਾਂ ਨੇ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਨਾਲ ਇਹ ਇਤਿਹਾਸਕ ਕਦਮ ਸੰਭਵ ਹੋ ਸਕਿਆ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਅਗਾਂਹ ਵੀ ਇਸ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਰਹਿਣਗੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਧਾਰਮਿਕ ਭਾਵਨਾਵਾਂ ਦੀ ਪੂਰੀ ਕਦਰ ਕੀਤੀ ਜਾ ਸਕੇ।
