
ਚੰਡੀਗੜ੍ਹ / ਪਟਿਆਲਾ, 24 ਅਪ੍ਰੈਲ 2026: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਉਥੇ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਬਣੀ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਰਾਹੀਂ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਸਚੇਤਨਾ ਵਧੇਗੀ ਅਤੇ ਉਹ ਰਚਨਾਤਮਕ ਗਤੀਵਿਧੀਆਂ ਨਾਲ ਜੁੜਣਗੇ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਹੋਰ ਵਧੀਆ ਮੌਕੇ ਦੇਵੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਉਨ੍ਹਾਂ ਪ੍ਰਸ਼ੰਸਾ ਕੀਤੀ।
ਦੌਰੇ ਦੌਰਾਨ ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਇਕਾਈਆਂ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਦੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਪੈਟਰੋਲ ਪੰਪ ਕੈਦੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ਵਿੱਚ ਮਦਦ ਮਿਲ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹਾਂ ਸਿਰਫ ਸਜ਼ਾ ਦੇਣ ਵਾਲੇ ਸਥਾਨ ਨਹੀਂ ਹਨ, ਸਗੋਂ ਸੁਧਾਰ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੇ ਕੇਂਦਰ ਹਨ। ਉਨ੍ਹਾਂ ਜੇਲ੍ਹ ਵਿੱਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
