Saturday, May 23Punjabi People

ਪੰਜਾਬ ਸਰਕਾਰ ਐਸਸੀ/ਬੀਸੀ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ-ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਪੰਜਾਬ ਭਵਨ ਵਿਖੇ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਹ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰੀਆਂ ਕੀਤੀਆਂ ਜਾਣਗੀਆਂ। ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਹਨਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਲਾਜ਼ਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਰੰਗਲਾ ਪੰਜਾਬ ਬਣੇਗਾ,”।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।

ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ, ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *