Saturday, May 23Punjabi People

ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਦੇ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।

ਤਾਜ਼ਾ ਅਪਡੇਟ ਮੁਤਾਬਕ, ਪੰਜਾਬ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਧੁੰਦ ਦੇ ਚਲਦੇ ‘ਯੈਲੋ ਅਲਰਟ’ ਲਗਾਇਆ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਵੱਧ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਜਤਾਏ ਗਏ ਹਨ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰ ਤੋਂ ਹੀ ਵਿਜ਼ੀਬਿਲਟੀ ਲਗਭਗ ਸ਼ੂਨ੍ਹ ਰਹੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦਰਜੇ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿੱਚ ਸਭ ਤੋਂ ਘੱਟ ਨਿਊਨਤਮ ਤਾਪਮਾਨ 5.9 ਡਿਗਰੀ ਸੈਲਸੀਅਸ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਅਨੁਸਾਰ, 2 ਫਰਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕਿਸੇ ਵੱਡੀ ਤਬਦੀਲੀ ਦੀ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਮੁਤਾਬਕ 2 ਅਤੇ 3 ਫਰਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਫਾਜ਼ਿਲਕਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। 4 ਫਰਵਰੀ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ, ਹਾਲਾਂਕਿ ਮੌਸਮ ਖ਼ੁਸ਼ਕ ਰਹੇਗਾ।

5 ਅਤੇ 6 ਫਰਵਰੀ ਨੂੰ ਮੀਂਹ ਜਾਂ ਕੋਹਰੇ ਸਬੰਧੀ ਕੋਈ ਅਲਰਟ ਨਹੀਂ ਜਾਰੀ ਕੀਤਾ ਗਿਆ।ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ, ਉੱਤਰ ਪਾਕਿਸਤਾਨ ਅਤੇ ਨੇੜਲੇ ਖੇਤਰਾਂ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜੋ ਧਰਤੀ ਤੋਂ ਲਗਭਗ 3 ਤੋਂ 6 ਕਿਲੋਮੀਟਰ ਦੀ ਉਚਾਈ ‘ਤੇ ਹਵਾਈ ਚੱਕਰ ਦੇ ਰੂਪ ਵਿੱਚ ਮੌਜੂਦ ਹੈ।

ਇਸ ਨਾਲ ਸੰਬੰਧਤ ਚੱਕਰਵਾਤੀ ਪ੍ਰਣਾਲੀ, ਜੋ ਪਹਿਲਾਂ ਉੱਤਰ ਰਾਜਸਥਾਨ ਵਿੱਚ ਸੀ, ਹੁਣ ਦੱਖਣੀ ਹਰਿਆਣਾ ਅਤੇ ਨੇੜਲੇ ਉੱਤਰ ਰਾਜਸਥਾਨ ਤੱਕ ਫੈਲ ਚੁੱਕੀ ਹੈ, ਜਿਸਦਾ ਅਸਰ ਕਰੀਬ 1.5 ਕਿਲੋਮੀਟਰ ਦੀ ਉਚਾਈ ਤੱਕ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ 5 ਫਰਵਰੀ 2026 ਦੀ ਰਾਤ ਤੋਂ ਇਕ ਹੋਰ ਨਵਾਂ ਵੈਸਟਰਨ ਡਿਸਟਰਬੈਂਸ ਉੱਤਰ-ਪੱਛਮੀ ਭਾਰਤ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ।

Leave a Reply

Your email address will not be published. Required fields are marked *