Saturday, May 23Punjabi People

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ, 30 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਵਜੋਂ ਕੀਤੀ ਗਈ ਹੈ। ਦੋਵੇਂ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਦੇ ਵਾਸੀ ਹਨ।

ਇਹ ਸਫਲਤਾ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰੇਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਬਾਅਦ ਹਾਸਲ ਕੀਤੀ ਗਈ। ਇਸ ਦੇ ਨਾਲ ਪਿਛਲੇ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੇ ਆਦੇਸ਼ ‘ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਸਬੰਧਿਤ ਹੋਰ ਡਿਜੀਟਲ ਸਬੂਤਾਂ ਦਾ ਖੁਲਾਸਾ ਵੀ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਹੋਰ ਸਬੰਧਾਂ ਦੀ ਪਛਾਣ ਲਈ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਟੀਮਾਂ ਨੇ ਖਾਸ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਇਹ ਦੋਵੇਂ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕੋਲ ਇੱਕ ਸ਼ੱਕੀ ਬੈਗ ਸੀ। ਬੈਗ ਦੀ ਜਾਂਚ ‘ਤੇ ਹੈਰੋਇਨ ਦੇ 103 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *