
ਗੁਰਦਾਸਪੁਰ, 7 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਦੋ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਜੁੜੇ ਦੋ ਕਾਰਕੁਨਾਂ ਨੂੰ 11 ਕਿਲੋਗ੍ਰਾਮ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਜ਼ੱਫ਼ਰਨਗਰ ਦੇ ਪਿੰਡ ਕਾਸਿਮਪੁਰ ਦੇ ਵਸਨੀਕ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਦੋਸ਼ੀਆਂ ਦੀ ਵਰਤੋਂ ਵਿੱਚ ਆ ਰਹੀਆਂ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰਜੇ-45 ਸੀ ਆਰ-2918) ਅਤੇ ਹੁੰਡਈ ਵਰਨਾ ਕਾਰ (ਸੀਐਚ-01 ਏ ਜੈਡ-0888) ਨੂੰ ਵੀ ਜ਼ਬਤ ਕੀਤਾ ਗਿਆ ਹੈ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀਆਂ ਸਨ।
ਡੀਜੀਪੀ ਸ੍ਰੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਮੌਜੂਦ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਸਬੰਧਾਂ ਦੀ ਜਾਂਚ ਲਈ ਹੋਰ ਡੂੰਘੀ ਜਾਂਚ ਜਾਰੀ ਹੈ।
ਪਹਿਲੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਖੁਫੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਦੋਸ਼ੀ ਹਰਸ਼ਦੀਪ ਸਿੰਘ ਉਰਫ਼ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ 8 ਕਿਲੋਗ੍ਰਾਮ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਿਹਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਕ ਹੋਰ ਅਲੱਗ ਕਾਰਵਾਈ ਵਿੱਚ ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਲਗਾਏ ਨਾਕੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੀ ਹੌਂਡਾ ਸਿਟੀ ਕਾਰ ਵਿੱਚੋਂ ਛੇ ਪੈਕੇਟਾਂ ਵਿੱਚ ਪੈਕ ਕੀਤੀ 3 ਕਿਲੋਗ੍ਰਾਮ ਹੈਰੋਇਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਐਫਆਈਆਰ ਨੰਬਰ 32 ਮਿਤੀ 7 ਫਰਵਰੀ 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਥਾਣਾ ਦੀਨਾਨਗਰ ਵਿਖੇ ਦਰਜ ਕੀਤਾ ਗਿਆ ਹੈ, ਜਦਕਿ ਦੂਜਾ ਮਾਮਲਾ ਐਫਆਈਆਰ ਨੰਬਰ 11 ਮਿਤੀ 7 ਫਰਵਰੀ 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤਾ ਗਿਆ ਹੈ।
