
ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਦੋ ਮੈਂਬਰਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰਕੇ ਪੂਰੇ ਗਿਰੋਹ ਦਾ ਭੇਦ ਖੋਲ੍ਹ ਦਿੱਤਾ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਮਨਿੰਦਰ ਸਿੰਘ ਵਾਸੀ ਖੱਟਰਾਏ ਖੁਰਦ ਅਤੇ ਗੁਰਜੰਟ ਸਿੰਘ ਵਾਸੀ ਫਿਰਵਾੜੀਆ, ਦੋਵੇਂ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨਾਲ ਮੁਲਜ਼ਮਾਂ ਦੀ ਹੈਚਬੈਕ Hyundai ਆਈ-20 ਕਾਰ (ਨੰਬਰ PB10 GH 0140) ਵੀ ਜ਼ਬਤ ਕੀਤੀ, ਜਿਸਦਾ ਇਸਤੇਮਾਲ ਉਹ ਤਸਕਰੀ ਲਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸਨ।
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਸ਼ਖ਼ਸ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਰਹਿੰਦਾ ਹੋਇਆ ਆਪਣੇ ਪੰਜਾਬ ਅਧਾਰਤ ਸਾਥੀਆਂ ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ ਦੀ ਮਦਦ ਨਾਲ ਨਸ਼ਾ ਤਸਕਰੀ ਦਾ ਜਾਲ ਚਲਾ ਰਿਹਾ ਹੈ।
ਹੋਰ ਜਾਣਕਾਰੀ ਮੁਤਾਬਕ ਦੋਵੇਂ ਦੋਸ਼ੀਆਂ ਨੂੰ ਆਪਣੇ ਹੈਂਡਲਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲੀ ਸੀ ਅਤੇ ਉਹ ਇਸਨੂੰ ਅੱਗੇ ਸਪੁਰਦ ਕਰਨ ਲਈ ਆਪਣੀ ਆਈ-20 ਕਾਰ ’ਚ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਧਾਰੀਵਾਲ ਵੱਲ ਆ ਰਹੇ ਸਨ। ਡੀਜੀਪੀ ਨੇ ਕਿਹਾ ਕਿ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਵੇਂ ਸ਼ੱਕੀਆਂ ਨੂੰ ਰੋਕਿਆ ਅਤੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 18 ਮਿਤੀ 21-03-2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ NDPS Act ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਕੇਸ ਦਰਜ ਕੀਤਾ ਗਿਆ ਹੈ।
